ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਸਸਕਾਰ ਤਿੰਨ ਦਿਨਾਂ ਲਈ ਮੁਲਤਵੀ

Amritpal Singh's family has postponed his grandmother Charan Kaur's cremation for three days while awaiting a decision on parole for the jailed Khadoor Sahib MP to attend the last rites.

ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਸਸਕਾਰ ਤਿੰਨ ਦਿਨਾਂ ਲਈ ਮੁਲਤਵੀ

ਚੰਡੀਗੜ੍ਹ-ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਦਾ ਸਸਕਾਰ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਪਰਿਵਾਰ ਵੱਲੋਂ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿਵਾਉਣ ਦੀ ਉਮੀਦ ਵਿੱਚ ਲਿਆ ਗਿਆ ਹੈ।

87 ਸਾਲਾ ਚਰਨ ਕੌਰ ਦਾ ਲੰਮੀ ਬਿਮਾਰੀ ਤੋਂ ਬਾਅਦ ਐਤਵਾਰ ਸ਼ਾਮ ਦੇਹਾਂਤ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਪਰਿਵਾਰ ਸਰਕਾਰ ਦੇ ਜਵਾਬ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦਾ ਭਰਾ ਵੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਪਰਿਵਾਰ ਨੇ ਮ੍ਰਿਤਕ ਦੇਹ ਨੂੰ ਤਿੰਨ ਦਿਨਾਂ ਤੱਕ ਰੱਖਣ ਅਤੇ ਇਸ ਦੌਰਾਨ ਸਰਕਾਰ ਦੀ ਕਾਰਵਾਈ ਦੀ ਉਡੀਕ ਕਰਨ ਦਾ ਫੈਸਲਾ ਕੀਤਾ ਹੈ।

ਇਸ ਦੌਰਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਵਫ਼ਦ ਵੱਲੋਂ ਸੰਸਦ ਮੈਂਬਰ ਨੂੰ ਮਨੁੱਖੀ ਆਧਾਰ 'ਤੇ ਪੈਰੋਲ ਦੇਣ ਦੀ ਪ੍ਰਕਿਰਿਆ ਤੇਜ਼ ਕਰਨ ਦੀ ਅਪੀਲ ਕੀਤੀ ਜਾਵੇਗੀ। ਪਾਰਟੀ ਵੱਲੋਂ ਇਸ ਮਾਮਲੇ ਵਿੱਚ ਕਾਨੂੰਨੀ ਸਲਾਹ ਵੀ ਲਈ ਜਾ ਰਹੀ ਹੈ।

ਉੱਧਰ, ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਵਿੱਚ ਦੇਰੀ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਇੱਕ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾ ਕੇ ਜਿਤਾਇਆ ਹੈ। ਇਆਲੀ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਮਿਲਣ ਵਾਲੀ ਪੈਰੋਲ ਅਤੇ ਫਰਲੋ ਦਾ ਹਵਾਲਾ ਦਿੰਦਿਆਂ ਪੁੱਛਿਆ ਕਿ ਜੇਕਰ ਉਸ ਨੂੰ ਇਹ ਰਾਹਤ ਦਿੱਤੀ ਜਾ ਸਕਦੀ ਹੈ ਤਾਂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਵਿੱਚ ਕੀ ਦਿੱਕਤ ਹੈ।

ਇਆਲੀ ਨੇ ਬੰਦੀ ਸਿੰਘਾਂ ਨਾਲ ਕਥਿਤ ਵਿਤਕਰੇ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸਿੱਖ ਕੈਦੀਆਂ ਦੇ ਮਾਮਲੇ ਵਿੱਚ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਂਦੇ ਹਨ, ਜਦਕਿ ਦੂਜੇ ਮਾਮਲਿਆਂ ਵਿੱਚ ਢਿੱਲ ਦਿੱਤੀ ਜਾਂਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਮੁੱਦੇ ਦਾ ਸਿਆਸੀ ਅਸਰ ਆਉਣ ਵਾਲੀਆਂ ਚੋਣਾਂ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ।