ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਮਾਮਲਾ

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਮਾਮਲਾ

ਸ਼੍ਰੋਮਣੀ ਕਮੇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ, ਇੰਤਕਾਲ ਰੱਦ ਕਰਨ ਤੇ ਪਰਚਾ ਦਰਜ ਕਰਨ ਦੀ ਮੰਗ

ਅੰਮ੍ਰਿਤਸਰ — ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਨਾਲ ਸੰਬੰਧਿਤ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਵਫ਼ਦ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਵਿਵਾਦਿਤ ਇੰਤਕਾਲ ਰੱਦ ਕਰਨ ਅਤੇ ਜ਼ਮੀਨ ਦੀ ਅਗਲੀ ਕਿਸੇ ਵੀ ਕਿਸਮ ਦੀ ਵਿਕਰੀ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਵਫ਼ਦ ਨੇ ਮੋਹਾਲੀ ਦੇ ਐਸਐਸਪੀ ਕੋਲੋਂ ਧੋਖਾਧੜੀ ਦੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਵੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਇੱਕ ਵਫ਼ਦ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਧੋਖੇ ਨਾਲ ਵੇਚਣ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਸ਼ਾਮਲ ਸਨ।

ਮੁੱਖ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਲਿਖਤੀ ਅਰਜ਼ੀ ਵਿੱਚ ਦੱਸਿਆ ਗਿਆ ਹੈ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਵੱਲੋਂ ਜਾਹਲਸਾਜ਼ੀ ਕਰਦਿਆਂ ਗੁਰਦੁਆਰਾ ਸਾਹਿਬ ਦੀ ਅਮਾਨਤ ਵਿੱਚ ਖ਼ਿਆਨਤ ਕੀਤੀ ਗਈ ਹੈ। ਜ਼ਾਹਲੀ ਦਸਤਾਵੇਜ਼ਾਂ ਰਾਹੀਂ ਜ਼ਮੀਨ ਵੇਚ ਕੇ ਪੈਸੇ ਹੜੱਪਣ ਦਾ ਗੰਭੀਰ ਦੋਸ਼ ਲਗਾਇਆ ਗਿਆ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਇਸ ਜਾਇਦਾਦ ਦਾ ਇੰਤਕਾਲ ਤੁਰੰਤ ਰੱਦ ਕਰਕੇ ਅੱਗੇ ਕਿਸੇ ਵੀ ਤਰ੍ਹਾਂ ਦੀ ਵਿਕਰੀ ’ਤੇ ਰੋਕ ਲਗਾਈ ਜਾਵੇ।

ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਸ ਦੇ ਨਾਲ ਹੀ ਮੋਹਾਲੀ ਦੇ ਐਸਐਸਪੀ ਨੂੰ ਮਿਲ ਕੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਅਤੇ ਇਸ ਧੋਖਾਧੜੀ ਵਿੱਚ ਸ਼ਾਮਲ ਹੋਰ ਦੋਸ਼ੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਨ ਦੀ ਲਿਖਤੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।