ਜਲੰਧਰ ਬੇਅਦਬੀ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੜਗੱਜ ਵੱਲੋਂ ਜਾਂਚ ਦੇ ਹੁਕਮ
ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨਾਲ ਕੀਤੀ ਗਈ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸਮੁੱਚੀ ਘਟਨਾ ਦੀ ਤੁਰੰਤ ਅਤੇ ਨਿਰਪੱਖ ਜਾਂਚ ਦੇ ਹੁਕਮ ਜਾਰੀ ਕੀਤੇ ਹਨ।
ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜਾਗਤ ਜੋਤ ਗੁਰੂ ਹਨ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਹਰ ਸਮੇਂ ਪਹਿਰੇਦਾਰੀ, ਪ੍ਰਬੰਧਾਂ ਦੀ ਮਜ਼ਬੂਤੀ ਅਤੇ ਸੁਰੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਸਾਡੀ ਸਾਂਝੀ ਜਿੰਮੇਵਾਰੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਕਈ ਥਾਵਾਂ ’ਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਅਜੇ ਵੀ ਢਿਲਾਈ ਵਰਤੀ ਜਾ ਰਹੀ ਹੈ, ਜੋ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕਈ ਪ੍ਰਬੰਧਕਾਂ ਲਈ ਗੁਰੂ ਸਾਹਿਬ ਦੇ ਮਾਣ-ਸਤਿਕਾਰ ਨਾਲੋਂ ਆਪਣੀ ਚੌਧਰ ਅਹਿਮ ਬਣੀ ਹੋਈ ਹੈ, ਜੋ ਸਿੱਖ ਰਹਿਤ ਮਰਯਾਦਾ ਦੇ ਉਲਟ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਗੁਰਦੁਆਰਾ ਸਾਹਿਬਾਨ ਵਿੱਚ ਪੂਰੀ ਪਹਿਰੇਦਾਰੀ ਅਤੇ ਚੱਲਦੀ ਹਾਲਤ ਵਿੱਚ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।
ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਸੰਧਿਆ ਸਮੇਂ ਸ਼ਰਾਰਤੀ ਅਨਸਰਾਂ ਵੱਲੋਂ ਪਿੰਡ ਮਾਹਲ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਬੱਚੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਵਾਈ ਗਈ, ਜਿਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਲੱਗੀ ਹੈ ਅਤੇ ਇਲਾਕੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਅਤੇ ਸੰਬੰਧਤ ਇਲਾਕਾਈ ਮੈਂਬਰਾਂ ਨਾਲ ਸੰਪਰਕ ਕਰਕੇ ਘਟਨਾ ਦੀ ਨਿਰਪੱਖ ਅਤੇ ਵਿਸਥਾਰਪੂਰਵਕ ਜਾਂਚ ਯਕੀਨੀ ਬਣਾਉਣ ਲਈ ਆਖਿਆ ਹੈ। ਇਸ ਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਤਖ਼ਤ ਸਾਹਿਬ ਤੋਂ ਇੱਕ ਵਿਸ਼ੇਸ਼ ਟੀਮ ਲੈ ਕੇ ਘਟਨਾ ਸਥਾਨ ’ਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਸਮੇਤ ਬੇਅਦਬੀ ਸਬੰਧੀ ਵਿਸਥਾਰਤ ਰਿਪੋਰਟ ਤਖ਼ਤ ਸਾਹਿਬ ਨੂੰ ਭੇਜਣ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਗੇ।
ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਬੇਅਦਬੀ ਪਿੱਛੇ ਸ਼ਾਮਲ ਸਾਜ਼ਸ਼ਘਾੜਿਆਂ ਅਤੇ ਮੁੱਖ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਸੰਬੰਧਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸ.ਜੀ.ਪੀ.ਸੀ. ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਬੰਧ ਪੁਖਤਾ ਨਹੀਂ ਸਨ, ਤਾਂ ਇਸ ਲਈ ਜ਼ਿੰਮੇਵਾਰ ਪ੍ਰਬੰਧਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
















