ਧਾਰਮਿਕ ਮਾਮਲੇ 'ਤੇ ਵਧਿਆ ਟਕਰਾਅ, GTC ਨੂੰ ਲੈ ਕੇ SGPC ਦਾ ਸਖ਼ਤ ਰੁਖ
ਅੰਮ੍ਰਿਤਸਰ-ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ GTC ਚੈਨਲ ਵੱਲੋਂ ਕਥਿਤ ਤੌਰ 'ਤੇ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ 'ਤੇ ਸਖ਼ਤ ਨਾਰਾਜ਼ਗੀ ਜਤਾਈ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਨੂੰਨੀ ਨੋਟਿਸ ਜਾਰੀ ਹੋਣ ਦੇ ਬਾਵਜੂਦ ਪ੍ਰਸਾਰਣ ਨਾ ਰੋਕਣਾ ਗੰਭੀਰ ਮਾਮਲਾ ਹੈ ਅਤੇ ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਧਾਮੀ ਨੇ ਕਿਹਾ ਕਿ SGPC ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਸ ਦੇ ਅਧਿਕਾਰਾਂ ਨੂੰ ਚੁਣੌਤੀ ਦੇਣ ਵਾਲੀਆਂ ਕਿਸੇ ਵੀ ਕੋਸ਼ਿਸ਼ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਜੋ ਵੀ ਸੰਸਥਾ ਜਾਂ ਵਿਅਕਤੀ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦੇਵੇਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਇਸ ਵਿਵਾਦ ਨੂੰ ਵਧਾਉਣ ਪਿੱਛੇ ਕਿਹੜੀਆਂ ਤਾਕਤਾਂ ਸਰਗਰਮ ਹਨ। ਧਾਮੀ ਨੇ ਦੋਸ਼ ਲਗਾਇਆ ਕਿ ਕੁਝ ਲੋਕ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ SGPC ਪ੍ਰਧਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਬੇਰੁਜ਼ਗਾਰੀ, ਨਸ਼ਿਆਂ, ਵਿਕਾਸ ਅਤੇ ਹੋਰ ਜਨਤਕ ਮੁੱਦਿਆਂ ਦੀ ਥਾਂ ਧਾਰਮਿਕ ਮਾਮਲਿਆਂ ਨੂੰ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਧਾਮੀ ਨੇ ਇਹ ਵੀ ਕਿਹਾ ਕਿ PTC 'ਤੇ ਹੋ ਰਹੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੰਗਤ ਵੱਲੋਂ ਕੋਈ ਇਤਰਾਜ਼ ਸਾਹਮਣੇ ਨਹੀਂ ਆਇਆ। ਉਨ੍ਹਾਂ ਦੇ ਮੁਤਾਬਕ GTC ਚੈਨਲ ਸ਼ੁਰੂ ਹੋਣ ਤੋਂ ਬਾਅਦ ਹੀ ਇਸ ਮਾਮਲੇ ਨੂੰ ਬੇਵਜ੍ਹਾ ਵਿਵਾਦ ਦਾ ਰੂਪ ਦਿੱਤਾ ਗਿਆ ਹੈ।ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਸੰਪਰਦਾਵਾਂ SGPC ਦੇ ਨਾਲ ਖੜ੍ਹੀਆਂ ਹਨ। ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹੋਈ ਸ਼ਮੂਲੀਅਤ ਨੂੰ ਉਨ੍ਹਾਂ ਨੇ ਇਸ ਦੀ ਮਿਸਾਲ ਦੱਸਦਿਆਂ ਕਿਹਾ ਕਿ ਪੰਥ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਇਕਜੁੱਟ ਹੈ।ਧਾਮੀ ਨੇ ਅੰਤ ਵਿੱਚ ਅਪੀਲ ਕੀਤੀ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ਦੇ ਹੱਲ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
















