ਨਿਊਯਾਰਕ, ਸੈਨ ਹੋਜ਼ੇ ਸਣੇ ਕਈ ਵਿਦੇਸ਼ੀ ਸ਼ਹਿਰਾਂ ਵਿੱਚ ਸੋਨਮ ਵਾਂਗਚੁਕ ਦੇ ਹੱਕ 'ਚ ਪ੍ਰਦਰਸ਼ਨ
ਨਿਊਯਾਰਕ-ਨੀਟ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਅਣਮਿੱਥੇ ਸਮੇਂ ਤੋਂ ਭੁੱਖ ਹੜਤਾਲ 'ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੇ ਸਮਰਥਨ ਵਿੱਚ ਅਮਰੀਕਾ ਦੇ ਨਿਊਯਾਰਕ ਅਤੇ ਸੈਨ ਹੋਜ਼ੇ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਵੀ ਉਠਾਈ
'ਹਿੰਦੂਜ਼ ਫਾਰ ਹਿਊਮਨ ਰਾਈਟਸ' ਨਾਲ ਜੁੜੇ ਕਾਰਕੁਨ ਨਿਊਯਾਰਕ ਦੇ ਯੂਨੀਅਨ ਸਕੁਏਅਰ ਸਥਿਤ ਮਹਾਤਮਾ ਗਾਂਧੀ ਦੀ ਮੂਰਤੀ ਕੋਲ ਅਤੇ ਸੈਨ ਹੋਜ਼ੇ ਵਿੱਚ ਇਕੱਠੇ ਹੋਏ। ਉਨ੍ਹਾਂ ਨੇ ਸੋਨਮ ਵਾਂਗਚੁਕ ਦੇ ਸਮਰਥਨ ਵਾਲੀਆਂ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਵਿਦਿਆਰਥੀਆਂ ਲਈ ਇਨਸਾਫ਼ ਦੀ ਮੰਗ ਕੀਤੀ।
ਸੰਗਠਨ ਨੇ ਦੱਸਿਆ ਕਿ ਅਜਿਹੇ ਹੀ ਇਕਜੁੱਟਤਾ ਪ੍ਰਦਰਸ਼ਨ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਡਬਲਿਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਵੀ ਕੀਤੇ ਗਏ। ਸੰਗਠਨ ਦਾ ਕਹਿਣਾ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਦਾ ਮਕਸਦ ਇਹ ਸੰਦੇਸ਼ ਦੇਣਾ ਸੀ ਕਿ ਭਾਰਤ ਦੇ ਵਿਦਿਆਰਥੀਆਂ ਨੂੰ ਨਿਰਪੱਖਤਾ, ਸਨਮਾਨ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਦਾ ਹੱਕ ਮਿਲਣਾ ਚਾਹੀਦਾ ਹੈ।
ਬਿਆਨ ਵਿੱਚ ਕਿਹਾ ਗਿਆ ਕਿ ਨੌਜਵਾਨਾਂ ਨੂੰ ਭਰੋਸੇਯੋਗ ਭਵਿੱਖ ਅਤੇ ਸਰਕਾਰ ਤੋਂ ਸਪੱਸ਼ਟ ਜਵਾਬ ਮਿਲਣੇ ਚਾਹੀਦੇ ਹਨ। ਨਾਲ ਹੀ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਚਿੰਤਾਵਾਂ ਸੁਣ ਕੇ ਲੋੜੀਂਦੇ ਸੁਧਾਰ ਕਰਨੇ ਚਾਹੀਦੇ ਹਨ।
ਇਸ ਤੋਂ ਪਹਿਲਾਂ ਵੀ ਸੰਗਠਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਭੁੱਖ ਹੜਤਾਲ ਕਰ ਰਹੇ ਸੋਨਮ ਵਾਂਗਚੁਕ ਅਤੇ ਹੋਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰੇ।
ਜ਼ਿਕਰਯੋਗ ਹੈ ਕਿ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਦੀ ਭੁੱਖ ਹੜਤਾਲ ਕਾਰਨ ਸਿਹਤ ਵਿਗੜਨ 'ਤੇ ਦਿੱਲੀ ਪੁਲੀਸ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਸਫ਼ਦਰਜੰਗ ਹਸਪਤਾਲ ਲੈ ਗਈ ਸੀ। ਬਾਅਦ ਵਿੱਚ ਦਿੱਲੀ ਹਾਈ ਕੋਰਟ ਦੇ ਹੁਕਮਾਂ ਮਗਰੋਂ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਉੱਧਰ, ਵਿਰੋਧੀ ਪਾਰਟੀਆਂ ਨੇ ਵੀ ਸੋਨਮ ਵਾਂਗਚੁਕ ਦੇ ਅੰਦੋਲਨ ਦਾ ਸਮਰਥਨ ਕਰਦਿਆਂ ਦਿੱਲੀ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼ ਕਰ ਦਿੱਤੇ ਹਨ।
















