ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਵਾਧਾ, ਇੱਕ ਹਫ਼ਤੇ ਵਿੱਚ ਦੂਜੀ ਵਾਰ ਭਾਅ ਵਧੇ
ਨਵੀਂ ਦਿੱਲੀ : ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ। ਇੱਕ ਹਫ਼ਤੇ ਤੋਂ ਘੱਟ ਸਮੇਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਇੰਧਨ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਮਹਿੰਗੇ ਕੀਤੇ ਗਏ ਸਨ।
ਨਵੇਂ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 98.64 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.58 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਸੂਬਿਆਂ ਦੇ ਟੈਕਸਾਂ ਅਨੁਸਾਰ ਵੱਖ-ਵੱਖ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਫ਼ਰਕ ਰਹੇਗਾ।ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸਰਕਾਰੀ ਤੇਲ ਕੰਪਨੀਆਂ ‘ਤੇ ਵੱਡਾ ਵਿੱਤੀ ਦਬਾਅ ਬਣਿਆ ਹੋਇਆ ਹੈ। ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਇੰਧਨ ਘਾਟੇ ਵਿੱਚ ਵੇਚਿਆ ਜਾ ਰਿਹਾ ਸੀ, ਜਿਸ ਕਾਰਨ ਹੁਣ ਕੀਮਤਾਂ ਵਧਾਉਣੀਆਂ ਲਾਜ਼ਮੀ ਹੋ ਗਈਆਂ ਹਨ।
ਵਿਸ਼ਲੇਸ਼ਕਾਂ ਮੁਤਾਬਕ ਸਰਕਾਰ ਨੇ ਇੱਕੋ ਵਾਰ ਵੱਡਾ ਵਾਧਾ ਕਰਨ ਦੀ ਬਜਾਏ ਪੜਾਅਵਾਰ ਤਰੀਕੇ ਨਾਲ ਕੀਮਤਾਂ ਵਧਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਲੋਕਾਂ ‘ਤੇ ਇੱਕਦਮ ਵੱਡਾ ਬੋਝ ਨਾ ਪਏ। ਇੰਧਨ ਦੀਆਂ ਕੀਮਤਾਂ ਵਧਣ ਨਾਲ ਆਵਾਜਾਈ, ਲੋਜਿਸਟਿਕਸ ਅਤੇ ਹੋਰ ਸਾਮਾਨ ਦੀਆਂ ਕੀਮਤਾਂ ‘ਤੇ ਵੀ ਅਸਰ ਪੈ ਸਕਦਾ ਹੈ।
















