ਪ੍ਰਧਾਨ ਮੰਤਰੀ ਟਰੂਡੋ ਵੱਲੋਂ ਸਰਹੱਦੀ ਸੁਰੱਖਿਆ ਲਈ ਵਾਧੂ ਫੰਡ ਜਾਰੀ ਕਰਨ ਦਾ ਐਲਾਨ
ਵੈਨਕੂਵਰ-ਰਾਸ਼ਟਰਪਤੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਹੀ ਕੈਨੇਡਾ ਤੇ ਮੈਕਸੀਕੋ ਤੋਂ ਦਰਾਮਦ ਹੁੰਦੇ ਸਾਮਾਨ ’ਤੇ 25 ਫੀਸਦ ਟੈਕਸ ਲਾਉਣ ਦੇ ਐਲਾਨ ਤੋਂ ਬਾਅਦ ਕੈਨੇਡਾ ਨੇ ਪੂਰਬ ਤੋਂ ਪੱਛਮ ਤੱਕ ਅਮਰੀਕਾ ਨਾਲ ਜੁੜਦੀ 8891 ਕਿਲੋਮੀਟਰ ਲੰਮੀ ਸਰਹੱਦ ’ਤੇ ਸਖਤੀ ਵਧਾਉਣ ਦਾ ਫ਼ੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਮਗਰੋਂ ਸਰਹੱਦੀ ਸੁਰੱਖਿਆ ਲਈ ਵਾਧੂ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। ਅਗਲੇ ਸਾਲ 20 ਜਨਵਰੀ ਨੂੰ ਅਮਰੀਕਨ ਰਾਸ਼ਟਰਪਤੀ ਵਜੋਂ ਦੂਜੀ ਵਾਰ ਅਹੁਦਾ ਸੰਭਾਲਣ ਵਾਲੇ ਡੋਨਲਡ ਟਰੰਪ ਨੇ ਪਿਛਲੇ ਦਿਨੀਂ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਵਾਲੇ ਕੰਮਾਂ ਵਿੱਚ ਕਿਹਾ ਸੀ ਕਿ ਦੋਵਾਂ ਗੁਆਂਢੀ ਦੇਸ਼ਾਂ ਨਾਲ ਜੁੜਦੀਆਂ ਸਰਹੱਦਾਂ ’ਤੇ ਸਖ਼ਤੀ ਨਾ ਹੋਣ ਕਾਰਨ ਗਲਤ ਅਨਸਰ ਅਤੇ ਆਮਾਨ ਅਮਰੀਕਾ ਵਿੱਚ ਦਾਖਲ ਹੁੰਦਾ ਹੈ, ਜਿਸ ’ਤੇ ਰੋਕ ਲੱਗਣੀ ਜ਼ਰੂਰੀ ਹੈ। ਉਸ ਨੇ ਰੋਕ ਨੂੰ ਨੱਥ ਨਾ ਪਾ ਸਕਣ ਦਾ ਭਾਂਡਾ ਕੈਨੇਡਾ ਤੇ ਮੈਕਸੀਕੋ ਸਿਰ ਭੰਨਿ੍ਹਆ ਸੀ। ਬਰਾਮਦੀ ਟੈਕਸ ਵਿੱਚ ਵਾਧਾ ਕੈਨੇਡਾ ਦੀ ਸਨਅਤ ਲਈ ਘਾਤਕ ਸਾਬਤ ਹੋ ਸਕਦਾ ਹੈ। ਟਰੂਡੋ ਨੇ ਮੀਟਿੰਗ ਵਿੱਚ ਮੁੱਖ ਮੰਤਰੀਆਂ ਨੂੰ ਸੁਚੇਤ ਕੀਤਾ ਕਿ ਦੋ ਮਹੀਨੇ ਬਾਅਦ ਅਮਰੀਕੀ ਰਾਸ਼ਟਰਪਤੀ ਦੇ ਕਿਸੇ ਫ਼ੈਸਲੇ ਤੋਂ ਪਹਿਲਾਂ ਸਖ਼ਤੀ ਦੇ ਨਤੀਜੇ ਸਾਹਮਣੇ ਲਿਆਉਣੇ ਪੈਣਗੇ। ਇਸ ਤੋਂ ਪਹਿਲਾਂ ਕੈਨੇਡਾ ਨੇ ਇਹ ਕਹਿ ਕੇ ਆਪਣੇ-ਆਪ ਨੂੰ ਸੁਰਖੁਰੂ ਕਰ ਲਿਆ ਸੀ ਕਿ ਅਮਰੀਕਾ ਵਿੱਚ ਸਰਹੱਦੀ ਨਾਜਾਇਜ਼ ਲਾਂਘੇ ਸਿਰਫ ਮੈਕਸੀਕੋ ਵਾਲੇ ਪਾਸਿਓਂ ਹਨ ਪਰ ਪਿਛਲੇ ਕੁਝ ਸਾਲਾਂ ਦੀਆਂ ਘਟਨਾਵਾਂ ਦੀ ਘੋਖ ਤੋਂ ਇੱਕ ਹਫ਼ਤੇ ਬਾਅਦ ਬੁੱਧਵਾਰ ਨੂੰ ਪ੍ਰੀਮੀਅਰਾਂ ਦੀ ਮੀਟਿੰਗ ਵਿੱਚ ਅਜਿਹਾ ਐਲਾਨ ਕੀਤੇ ਜਾਣ ’ਤੇ ਸਭ ਨੂੰ ਹੈਰਾਨੀ ਤਾਂ ਹੋਈ ਪਰ ਚੰਗਾ ਫੈਸਲਾ ਮੰਨਿਆ ਗਿਆ। ਇਸ ਕੰਮ ਦੀ ਜ਼ਿੰਮੇਵਾਰੀ ਉਪ ਪ੍ਰਧਾਨ ਮੰਤਰੀ ਕਰਿਸੀਟੀਆ ਫਰੀਲੈਂਡ ਅਤੇ ਲੋਕ ਸੁਰੱਖਿਆ ਮੰਤਰੀ ਡੋਮੀਨਿਕ ਲੀਬਲੈਂਕ ਨੂੰ ਸੌਂਪੀ ਗਈ ਹੈ।