ਪੰਜਾਬ 'ਚ ਮੁੜ ਸਰਗਰਮ ਹੋਇਆ ਮਾਨਸੂਨ, 7 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
ਚੰਡੀਗੜ੍ਹ-ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 6 ਅਗਸਤ ਨੂੰ ਕਈ ਇਲਾਕਿਆਂ ਵਿੱਚ ਭਾਰੀ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰੂਪਨਗਰ ਅਤੇ ਮੋਹਾਲੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਕਈ ਥਾਵਾਂ 'ਤੇ ਤੇਜ਼ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਕੁਝ ਇਲਾਕਿਆਂ ਵਿੱਚ ਵੀ ਛਿਟਪੁੱਟ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ, ਪਾਣੀ ਭਰੇ ਇਲਾਕਿਆਂ ਵਿੱਚ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ 'ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।
















