ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 31 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 31 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਕਾਡਰਾਂ ਦੀਆਂ ਕੁੱਲ 31,370 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਦਿੱਤੀ।

ਬੈਂਸ ਨੇ ਦੱਸਿਆ ਕਿ ਸਭ ਤੋਂ ਵੱਧ 20,378 ਅਸਾਮੀਆਂ ਮਾਸਟਰ ਕਾਡਰ (ਛੇਵੀਂ ਤੋਂ ਦਸਵੀਂ ਜਮਾਤ) ਵਿੱਚ ਖਾਲੀ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਸਟਰ ਕਾਡਰ ਵਿੱਚ ਤਰੱਕੀਆਂ 'ਤੇ ਅਦਾਲਤੀ ਰੋਕ ਲੱਗੀ ਹੋਣ ਕਾਰਨ ਇਹ ਅਸਾਮੀਆਂ ਲੰਬੇ ਸਮੇਂ ਤੋਂ ਨਹੀਂ ਭਰੀਆਂ ਜਾ ਸਕੀਆਂ ਸਨ। ਹੁਣ ਅਦਾਲਤ ਵੱਲੋਂ ਰੋਕ ਹਟਾਏ ਜਾਣ ਤੋਂ ਬਾਅਦ ਭਰਤੀ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਤਰੱਕੀਆਂ ਅਤੇ ਨਵੀਂ ਭਰਤੀ ਰਾਹੀਂ ਜਲਦੀ ਹੀ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਕਾਰਵਾਈ ਸ਼ੁਰੂ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਉਪਰੰਤ ਕਰੀਬ 90 ਫ਼ੀਸਦੀ ਖਾਲੀ ਅਸਾਮੀਆਂ ਭਰ ਦਿੱਤੀਆਂ ਜਾਣਗੀਆਂ।ਬੈਂਸ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਕੇ ਵਿਦਿਆਰਥੀਆਂ ਨੂੰ ਬਿਹਤਰ ਅਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਨਾਲ ਸਕੂਲਾਂ ਦੀ ਪੜ੍ਹਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ।