ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 94 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ
Former Punjab cabinet minister and senior BJP leader Bhagat Chunni Lal passed away at the age of 94 after a prolonged illness. A three-time MLA and former Deputy Speaker of the Punjab Assembly, he held several key portfolios in the Punjab government from 2012 to 2017 and remained an influential political figure in Jalandhar.
ਜਲੰਧਰ-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਭਗਤ ਚੁੰਨੀ ਲਾਲ ਦਾ ਲੰਬੀ ਬਿਮਾਰੀ ਤੋਂ ਬਾਅਦ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਜਲੰਧਰ ਦੀ ਸਿਆਸਤ ਵਿੱਚ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੱਕ ਸਰਗਰਮ ਰਹੇ ਅਤੇ ਭਾਜਪਾ ਦੇ ਪ੍ਰਮੁੱਖ ਆਗੂਆਂ ਵਿੱਚ ਸ਼ੁਮਾਰ ਸਨ।
ਭਗਤ ਚੁੰਨੀ ਲਾਲ ਤਿੰਨ ਵਾਰ ਵਿਧਾਇਕ ਰਹੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਵੀ ਸੇਵਾਵਾਂ ਨਿਭਾਈਆਂ। 2012 ਤੋਂ 2017 ਤੱਕ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿੰਦਿਆਂ ਉਨ੍ਹਾਂ ਕੋਲ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਤੇ ਖੋਜ, ਕਿਰਤ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਸਮੇਤ ਕਈ ਅਹਿਮ ਵਿਭਾਗ ਰਹੇ।
1 ਦਸੰਬਰ 1932 ਨੂੰ ਸਿਆਲਕੋਟ ਵਿੱਚ ਜਨਮੇ ਭਗਤ ਚੁੰਨੀ ਲਾਲ ਦੇਸ਼ ਦੀ ਵੰਡ ਤੋਂ ਬਾਅਦ ਪਰਿਵਾਰ ਸਮੇਤ ਜਲੰਧਰ ਆ ਵੱਸੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਜਲੰਧਰ ਨੂੰ ਆਪਣੀ ਸਿਆਸੀ ਕਰਮਭੂਮੀ ਬਣਾਇਆ ਅਤੇ ਲੰਮੇ ਸਮੇਂ ਤੱਕ ਸੂਬੇ ਦੀ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਈ।
ਚੋਣ ਸਰਗਰਮੀਆਂ ਤੋਂ ਦੂਰ ਹੋਣ ਦੇ ਬਾਵਜੂਦ ਉਨ੍ਹਾਂ ਦਾ ਸਿਆਸੀ ਪ੍ਰਭਾਵ ਕਾਇਮ ਰਿਹਾ। ਉਨ੍ਹਾਂ ਦੇ ਪੁੱਤਰ ਮਹਿੰਦਰ ਭਗਤ ਵੀ ਸਿਆਸਤ ਵਿੱਚ ਸਰਗਰਮ ਹਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਕੈਬਨਿਟ ਮੰਤਰੀ ਹਨ।
















