ਪੰਜਾਬ ਨੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏਆਈ ਨੂੰ ਮੁੱਖ ਵਿਸ਼ੇ ਵਜੋਂ ਕੀਤਾ ਲਾਗੂ, ਦੇਸ਼ ਦਾ ਪਹਿਲਾ ਸੂਬਾ ਬਣਿਆ

ਪੰਜਾਬ ਨੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏਆਈ ਨੂੰ ਮੁੱਖ ਵਿਸ਼ੇ ਵਜੋਂ ਕੀਤਾ ਲਾਗੂ, ਦੇਸ਼ ਦਾ ਪਹਿਲਾ ਸੂਬਾ ਬਣਿਆ

ਚੰਡੀਗੜ੍ਹ-ਪੰਜਾਬ ਨੇ ਸਕੂਲੀ ਸਿੱਖਿਆ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫ਼ਿਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਦਾਅਵਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿੱਚ ਇਸ ਯੋਜਨਾ ਦੀ ਸ਼ੁਰੂਆਤ ਕਰਦਿਆਂ ਇਹ ਐਲਾਨ ਕੀਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ 'ਸਰਬਤ.ਏਆਈ' ਪ੍ਰੋਜੈਕਟ ਤਹਿਤ ਇਹ ਪਾਠਕ੍ਰਮ ਪੜਾਅਵਾਰ ਲਾਗੂ ਕੀਤਾ ਜਾਵੇਗਾ। ਪਹਿਲੇ ਪੜਾਅ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਨਾਲ ਏਆਈ ਦੀ ਪੜ੍ਹਾਈ ਕਰਵਾਈ ਜਾਵੇਗੀ, ਜਦਕਿ ਦੂਜੇ ਪੜਾਅ ਵਿੱਚ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਉਮਰ ਅਨੁਸਾਰ ਏਆਈ ਸਿੱਖਿਆ ਦਿੱਤੀ ਜਾਵੇਗੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ, ਨਵੀਨਤਾ, ਉਦਯੋਗਪਤੀ ਸੋਚ ਅਤੇ ਏਆਈ ਦੀ ਜ਼ਿੰਮੇਵਾਰ ਤੇ ਨੈਤਿਕ ਵਰਤੋਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਾਠਕ੍ਰਮ ਨੂੰ ਸਿੰਗਾਪੁਰ, ਫਿਨਲੈਂਡ, ਸੰਯੁਕਤ ਅਰਬ ਅਮੀਰਾਤ ਅਤੇ ਅਮਰੀਕਾ ਦੀਆਂ ਬਿਹਤਰੀਨ ਪ੍ਰਥਾਵਾਂ ਦਾ ਅਧਿਐਨ ਕਰਕੇ ਅਤੇ ਯੂਨੈਸਕੋ ਦੇ ਐਥਿਕਲ ਏਆਈ ਫਰੇਮਵਰਕ ਅਨੁਸਾਰ ਤਿਆਰ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਨਾਲ ਸੂਬੇ ਦੇ 25,172 ਸਕੂਲਾਂ ਅਤੇ ਲਗਭਗ 31.5 ਲੱਖ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਪਹਿਲੇ ਪੜਾਅ ਵਿੱਚ 12,424 ਕੰਪਿਊਟਰ ਸਾਇੰਸ ਅਧਿਆਪਕ ਇਸ ਦੀ ਸ਼ੁਰੂਆਤ ਕਰਨਗੇ, ਜਦਕਿ ਆਉਣ ਵਾਲੇ ਸਮੇਂ ਵਿੱਚ ਦੋ ਲੱਖ ਤੋਂ ਵੱਧ ਅਧਿਆਪਕਾਂ ਨੂੰ ਵੀ ਏਆਈ ਸਬੰਧੀ ਸਿਖਲਾਈ ਦਿੱਤੀ ਜਾਵੇਗੀ।ਸਮਾਗਮ ਵਿੱਚ ਮੌਜੂਦ ਸਾਬਕਾ ਦਿੱਲੀ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੇ ਇਸ ਪਹਿਲ ਨਾਲ ਸਾਰੇ ਦੇਸ਼ ਲਈ ਨਵਾਂ ਮਾਪਦੰਡ ਸਥਾਪਤ ਕੀਤਾ ਹੈ ਅਤੇ ਭਵਿੱਖ ਦੀ ਤਕਨਾਲੋਜੀ ਆਧਾਰਿਤ ਸਿੱਖਿਆ ਵੱਲ ਇਤਿਹਾਸਕ ਕਦਮ ਚੁੱਕਿਆ ਹੈ।