ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ’ਤੇ ਲੱਗੇਗੀ ਰੋਕ, 5 ਫੀਸਦੀ ਤੋਂ ਵੱਧ ਵਾਧਾ ਨਹੀਂ ਹੋਵੇਗਾ: ਭਗਵੰਤ ਮਾਨ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ’ਤੇ ਲੱਗੇਗੀ ਰੋਕ, 5 ਫੀਸਦੀ ਤੋਂ ਵੱਧ ਵਾਧਾ ਨਹੀਂ ਹੋਵੇਗਾ: ਭਗਵੰਤ ਮਾਨ

ਚੰਡੀਗੜ੍ਹ-ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਾਨੇ ਫੀਸ ਵਾਧਿਆਂ ’ਤੇ ਨਕੇਲ ਕੱਸਣ ਲਈ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਸੂਬੇ ਦੇ ਨਿੱਜੀ ਸਕੂਲ ਸਾਲਾਨਾ ਫੀਸ ਵਿੱਚ 5 ਫੀਸਦੀ ਤੋਂ ਵੱਧ ਵਾਧਾ ਨਹੀਂ ਕਰ ਸਕਣਗੇ। ਇਸ ਲਈ ਸਰਕਾਰ ਵੱਲੋਂ ਸਖ਼ਤ ਆਰਡੀਨੈਂਸ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਲਿਆਂਦਾ ਜਾਵੇਗਾ।ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਕੂਲ ਫੀਸਾਂ ਦੇ ਨਾਂ ’ਤੇ ਬੱਚਿਆਂ ਅਤੇ ਪਰਿਵਾਰਾਂ ਨੂੰ ਤੰਗ-ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਕੂਲਾਂ ਨੇ “ਸਕੂਲ ਮਾਫੀਆ” ਦਾ ਰੂਪ ਧਾਰ ਲਿਆ ਹੈ।

ਮਾਨ ਨੇ ਕਿਹਾ ਕਿ ਕਈ ਸਕੂਲ ਬੱਚਿਆਂ ਦੇ ਰੋਲ ਨੰਬਰ ਰੋਕ ਲੈਂਦੇ ਹਨ, ਇਮਤਿਹਾਨੀ ਸਰਟੀਫਿਕੇਟ ਨਹੀਂ ਦਿੰਦੇ ਅਤੇ ਫੀਸ ਨਾ ਭਰਨ ’ਤੇ ਵਿਦਿਆਰਥੀਆਂ ਨੂੰ ਸਭ ਦੇ ਸਾਹਮਣੇ ਜ਼ਲੀਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਹਰਕਤਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।

ਨਵੀਂ ਨੀਤੀ ਅਨੁਸਾਰ ਹੁਣ ਟਿਊਸ਼ਨ ਫੀਸ ਹੀ ਨਹੀਂ, ਸਗੋਂ ਸਕੂਲਾਂ ਵੱਲੋਂ ਲਗਾਏ ਜਾਣ ਵਾਲੇ ਸਾਰੇ ਖਰਚਿਆਂ ’ਤੇ ਕੁੱਲ ਮਿਲਾ ਕੇ ਸਾਲਾਨਾ 5 ਫੀਸਦੀ ਵਾਧੇ ਦੀ ਸੀਮਾ ਲਾਗੂ ਹੋਵੇਗੀ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।ਉਨ੍ਹਾਂ ਦੱਸਿਆ ਕਿ ਇਹ ਆਰਡੀਨੈਂਸ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕਰਵਾਇਆ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਐਫਿਲੀਏਸ਼ਨ ਰੱਦ ਕਰਨ, ਆਡਿਟ ਕਰਨ ਅਤੇ ਜੁਰਮਾਨੇ ਲਗਾਉਣ ਵਰਗੀ ਕਾਰਵਾਈ ਕੀਤੀ ਜਾਵੇਗੀ। ਭਵਿੱਖ ਵਿੱਚ ਇਹ ਕਾਨੂੰਨ ਪ੍ਰਾਈਵੇਟ ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ’ਤੇ ਵੀ ਲਾਗੂ ਕੀਤਾ ਜਾ ਸਕਦਾ ਹੈ।

ਮਾਨ ਨੇ ਕਿਹਾ ਕਿ ਕਾਨੂੰਨ ਤਿਆਰ ਕਰਨ ਸਮੇਂ ਸਿੱਖਿਆ ਮਾਹਿਰਾਂ ਦੀ ਰਾਏ ਵੀ ਲਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰ ਸਕੇਗਾ।ਇਹ ਮਾਮਲਾ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਨੇੜੇ ਇੱਕ ਪ੍ਰਾਈਵੇਟ ਸਕੂਲ ਦੀ 17 ਸਾਲਾ ਵਿਦਿਆਰਥਣ ਅਮਜੋਤ ਕੌਰ ਦੀ ਮੌਤ ਤੋਂ ਬਾਅਦ ਗੰਭੀਰ ਹੋਇਆ। ਦੋਸ਼ ਹਨ ਕਿ ਲਗਭਗ 20 ਹਜ਼ਾਰ ਰੁਪਏ ਦੀ ਬਕਾਇਆ ਫੀਸ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਵੱਲੋਂ ਉਸ ਨੂੰ ਮਾਨਸਿਕ ਤੌਰ ’ਤੇ ਤੰਗ ਕੀਤਾ ਜਾ ਰਿਹਾ ਸੀ।ਹਸਪਤਾਲ ਵਿੱਚ ਇਲਾਜ ਦੌਰਾਨ ਅਮਜੋਤ ਨੇ ਇੱਕ ਵੀਡੀਓ ਵਿੱਚ ਆਪਣੀ ਪੀੜਾ ਬਿਆਨ ਕੀਤੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਵੱਲੋਂ ਲਗਾਤਾਰ ਦਬਾਅ ਬਣਾਇਆ ਗਿਆ ਅਤੇ ਉਸ ਨੂੰ ਹੋਰ ਵਿਦਿਆਰਥੀਆਂ ਤੋਂ ਵੱਖ ਕਰਕੇ ਜ਼ਲੀਲ ਕੀਤਾ ਜਾਂਦਾ ਸੀ। ਆਈਏਐਸ ਅਫਸਰ ਬਣਨ ਦਾ ਸੁਪਨਾ ਦੇਖਣ ਵਾਲੀ ਇਸ ਹੋਣਹਾਰ ਵਿਦਿਆਰਥਣ ਦੀ ਮੌਤ ਤੋਂ ਬਾਅਦ ਸੂਬੇ ਭਰ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ।ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੁਹਰਾਇਆ ਕਿ ਸਰਕਾਰ ਲੋਕਾਂ ਨੂੰ ਸਸਤੀ ਅਤੇ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।