ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ
ਚੰਡੀਗੜ੍ਹ-ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਐਲਾਨ ਮਗਰੋਂ ਮਹਿੰਗਾਈ ਭੱਤਾ 38 ਫ਼ੀਸਦ ਤੋਂ ਵਧ ਕੇ 42 ਫ਼ੀਸਦ ਹੋ ਗਿਆ ਹੈ। ਇਸ ਨਾਲ ਸੂਬਾ ਸਰਕਾਰ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲਾਭ ਮਿਲੇਗਾ। ਮਾਨ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਦੇ ਡੀਏ ਵਿੱਚ ਇਹ ਵਾਧਾ ਪਹਿਲੀ ਨਵੰਬਰ 2024 ਤੋਂ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੀਵਾਲੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਵੀ ਕੁੱਝ ਪਹਿਲਾਂ ਹੀ ਦੇ ਦਿੱਤੀ ਸੀ।