ਪੰਜਾਬ ਸਰਕਾਰ ਵੱਲੋਂ ਲਗਭਗ 2,500 ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ-ਪੰਜਾਬ ਦੇ ਲਗਭਗ 2,500 ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਰਾਜ ਸਰਕਾਰ ਨੇ ਉਨ੍ਹਾਂ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਿਨ੍ਹਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ 1 ਜਨਵਰੀ, 2004 ਤੋਂ ਪਹਿਲਾਂ ਦਿੱਤਾ ਗਿਆ ਸੀ ਜਾਂ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ, ਪਰ ਜੋ ਬਾਅਦ ਵਿੱਚ ਸੇਵਾ ਵਿੱਚ ਸ਼ਾਮਲ ਹੋਏ ਸਨ। ਜਾਣਕਾਰੀ ਮੁਤਾਬਕ ਇਨ੍ਹਾਂ ਕਰਮਚਾਰੀਆਂ ਨੂੰ ਪਹਿਲਾਂ 2004 ਤੋਂ ਪਹਿਲਾਂ ਦੀ ਭਰਤੀ ਪ੍ਰਕਿਰਿਆ ਦੇ ਬਾਵਜੂਦ ਨਵੀਂ ਪੈਨਸ਼ਨ ਸਕੀਮ ਦੇ ਅਧੀਨ ਲਿਆਂਦਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਆਂਇਕ ਦਖਲ ਦੀ ਮੰਗ ਕਰਨੀ ਪਈ। ਜ਼ਿਕਰਯੋਗ ਹੈ 23 ਮਈ, 2025 ਨੂੰ ਜਾਰੀ ਕੀਤਾ ਗਿਆ ਇਹ ਨੋਟੀਫਿਕੇਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਾ ਹੈ, ਜਿਸ ਨਾਲ ਪ੍ਰਭਾਵਿਤ ਕਰਮਚਾਰੀਆਂ ਦੁਆਰਾ ਲੜੀ ਗਈ ਇੱਕ ਲੰਬੀ ਕਾਨੂੰਨੀ ਲੜਾਈ ਦਾ ਅੰਤ ਹੋ ਗਿਆ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪਹਿਲਾਂ ਹੀ 20 ਸਾਲਾਂ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ ਹਨ। ਇਹ ਕਰਮਚਾਰੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਸਿੱਖਿਆ, ਸਥਾਨਕ ਸੰਸਥਾਵਾਂ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਤੋਂ ਹਨ। ਪੰਜਾਬ ਸਿਵਲ ਸੇਵਾਵਾਂ ਨਿਯਮਾਂ, ਭਾਗ II ਦੇ ਤਹਿਤ ਸੋਧੇ ਹੋਏ ਨਿਯਮਾਂ ਦੇ ਅਨੁਸਾਰ ਓਪੀਸੀ ਹੁਣ ਉਨ੍ਹਾਂ ਕਰਮਚਾਰੀਆਂ ’ਤੇ ਲਾਗੂ ਹੋਵੇਗਾ ਜੋ 1 ਜਨਵਰੀ, 2004 ਤੋਂ ਬਾਅਦ ਭਰਤੀ ਹੋਏ ਸਨ, ਬਸ਼ਰਤੇ ਉਨ੍ਹਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਹੋਵੇ ਜਾਂ ਉਸ ਮਿਤੀ ਤੋਂ ਪਹਿਲਾਂ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹੋਣ। 1 ਜਨਵਰੀ, 2004 ਤੋਂ ਬਾਅਦ ਤਰਸ ਦੇ ਆਧਾਰ ’ਤੇ ਨਿਯੁਕਤ ਕਰਮਚਾਰੀ ਵੀ ਓਪੀਸੀ ਦੇ ਅਧੀਨ ਆਉਣਗੇ ਜੇਕਰ ਨਿਯੁਕਤੀ ਅਤੇ ਯੋਗਤਾ ਦੀਆਂ ਸ਼ਰਤਾਂ 1 ਜਨਵਰੀ, 2004 ਤੋਂ ਪਹਿਲਾਂ ਪੂਰੀਆਂ ਹੁੰਦੀਆਂ ਹਨ। ਯੋਗ ਕਰਮਚਾਰੀਆਂ ਨੂੰ ਓਪੀਸੀ ਅਤੇ ਨਵੀਂ ਪਰਿਭਾਸ਼ਿਤ ਯੋਗਦਾਨੀ ਪੈਨਸ਼ਨ ਸਕੀਮ ਵਿੱਚੋਂ ਚੋਣ ਕਰਨ ਦਾ ਵਿਕਲਪ ਦਿੱਤਾ ਜਾਵੇਗਾ। ਜੇਕਰ ਨੋਟੀਫਿਕੇਸ਼ਨ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ ਕੋਈ ਵਿਕਲਪ ਨਹੀਂ ਵਰਤਿਆ ਜਾਂਦਾ ਹੈ, ਤਾਂ ਉਨ੍ਹਾਂ ਨੂੰ ਐਨਪੀਐਸ ਦੀ ਚੋਣ ਕੀਤੀ ਸਮਝਿਆ ਜਾਵੇਗਾ।
















