ਬੀਬੀਐਮਬੀ ਦੀ ਮੀਟਿੰਗ ਵਿੱਚ ਨਹੀਂ ਸ਼ਾਮਲ ਹੋਈ ਪੰਜਾਬ ਸਰਕਾਰ  

punjab-water-dispute-punjab-refuses-attend-bbmb-meeting

ਬੀਬੀਐਮਬੀ ਦੀ ਮੀਟਿੰਗ ਵਿੱਚ ਨਹੀਂ ਸ਼ਾਮਲ ਹੋਈ ਪੰਜਾਬ ਸਰਕਾਰ  
ਚੰਡੀਗੜ੍ਹ-ਦਿੱਲੀ ਵਿੱਚ ਬੀਬੀਐਮਬੀ ਹੈੱਡਕੁਆਰਟਰ ਵਿਖੇ ਅੱਜ ਸ਼ਾਮ 5 ਵਜੇ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਜਾਣ ਤੋਂ ਇਨਕਾਰ ਕਰ ਦਿੱਤਾ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਨਿਰਦੇਸ਼ ਤੋਂ ਬਾਅਦ ਪਾਣੀ ਦਾ ਮਸਲਾ ਭੱਖਦਾ ਜਾ ਰਿਹਾ ਹੈ। ਗੌਰਤਲਬ ਹੈ ਇਹ ਮੀਟਿੰਗ ਕੇਂਦਰੀ ਗ੍ਰਹਿ ਸਕੱਤਰ ਦੇ ਨਿਰਦੇਸ਼ ’ਤੇ ਤੁਰੰਤ ਪ੍ਰਭਾਵ ਨਾਲ ਸੱਦੀ ਗਈ ਸੀ, ਜਿਸ ਵਿੱਚ ਬੀਬੀਐਮਬੀ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੀ ਵੰਡ ਨੂੰ ਲਾਗੂ ਕਰਨ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਮੀਟਿੰਗ ਤੋਂ ਥੋੜ੍ਹੀ ਦੇਰ ਪਹਿਲਾਂ ਪੰਜਾਬ ਸਰਕਾਰ ਨੇ ਬੀਬੀਐਮਬੀ ਨੂੰ ਇੱਕ ਪੱਤਰ ਭੇਜ ਕੇ ਮੀਟਿੰਗ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ। ਪੰਜਾਬ ਸਰਕਾਰ ਦਾ ਤਰਕ ਹੈ ਕਿ 5 ਮਈ ਨੂੰ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਵਿੱਚ ਹਰਿਆਣਾ ਨੂੰ ਵਾਧੂ ਪਾਣੀ ਦੇਣ ਸੰਬੰਧੀ ਬੀਬੀਐਮਬੀ ਦੇ ਸੰਭਾਵਿਤ ਫੈਸਲੇ ’ਤੇ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਕਿਹਾ ਕਿ ਪੂਰੀ ਸੂਬਾਈ ਮਸ਼ੀਨਰੀ ਇਸ ਮਹੱਤਵਪੂਰਨ ਸੈਸ਼ਨ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ, ਇਸ ਲਈ ਇਸ ਸਮੇਂ ਬੀਬੀਐਮਬੀ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਸੰਭਵ ਨਹੀਂ ਹੈ। ਜਦੋਂ ਤੱਕ ਇਸ ’ਤੇ ਵਿਧਾਨ ਸਭਾ ਵਿੱਚ ਵਿਚਾਰ ਨਹੀਂ ਕੀਤਾ ਜਾਂਦਾ, ਕਿਸੇ ਵੀ ਤਰ੍ਹਾਂ ਦਾ ਫੈਸਲਾ ਲੈਣਾ ਜਲਦਬਾਜ਼ੀ ਹੋਵੇਗੀ ਅਤੇ ਇਹ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।  ਦੱਸ ਦਈਏ ਕਿ ਬੀਬੀਐਮਬੀ ਵੱਲੋਂ ਲਏ ਗਏ ਕਿਸੇ ਵੀ ਫੈਸਲੇ ਦਾ ਸਿੱਧਾ ਅਸਰ ਪੰਜਾਬ ਦੇ ਕਿਸਾਨਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ’ਤੇ ਪਵੇਗਾ। ਇਸ ਲਈ, ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਵਿਧਾਨ ਸਭਾ ਵਿੱਚ ਲਿਆਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਰੀਆਂ ਧਿਰਾਂ ਦੀ ਰਾਏ ਲੈ ਕੇ ਸਮੂਹਿਕ ਫੈਸਲਾ ਲਿਆ ਜਾ ਸਕੇ।