ਭਾਰਤ ਅਤੇ ਪਾਕਿਸਤਾਨ ਵਿਚਕਾਰ ਵੱਧ ਰਹੇ ਤਣਾਅ ਦਰਮਿਆਨ 200 ਤੋਂ ਵੱਧ ਉਡਾਣਾਂ ਰੱਦ 

ਭਾਰਤ ਅਤੇ ਪਾਕਿਸਤਾਨ ਵਿਚਕਾਰ ਵੱਧ ਰਹੇ ਤਣਾਅ ਦਰਮਿਆਨ 200 ਤੋਂ ਵੱਧ ਉਡਾਣਾਂ ਰੱਦ 

ਨਵੀਂ ਦਿੱਲੀ/ਮੁੰਬਈ-ਦੇਰ ਰਾਤ ਭਾਰਤ ਵੱਲੋਂ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬੀ ਕਾਰਵਾਈ ਦਿੰਦਿਆਂ ਪਾਕਿਸਤਾਨ ’ਤੇ ਹਮਲਾ ਕੀਤਾ ਗਿਆ ਜਿਸ ਨੂੰ ਸਿੰਦੂਰ ਆਪਰੇਸ਼ਨ ਦਾ ਨਾਮ ਦਿੱਤਾ ਗਿਆ ਜਿਸ ਤੋਂ ਬਾਅਦ ਪਾਬੰਦੀਆਂ ਦੇ ਮੱਦੇਨਜ਼ਰ 200 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸ੍ਰੀਨਗਰ ਸਮੇਤ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਸੰਚਾਲਨ ਲਈ ਬੰਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਇਨ੍ਹਾਂ ਉਡਾਣਾਂ ਵਿੱਚ ਏਅਰ ਇੰਡੀਆ, ਇੰਡੀਗੋ, ਸਪਾਈਸਜੈੱਟ, ਏਅਰ ਇੰਡੀਆ ਐਕਸਪ੍ਰੈਸ, ਅਕਾਸਾ ਏਅਰ ਅਤੇ ਕੁਝ ਵਿਦੇਸ਼ੀ ਏਅਰਲਾਈਨਾਂ ਨੇ ਵੱਖ-ਵੱਖ ਹਵਾਈ ਅੱਡਿਆਂ ਤੋਂ ਆਉਣ-ਜਾਣ ਵਾਲੀਆਂ ਆਪਣੀਆਂ ਸੇਵਾਵਾਂ ਰੱਦ ਕਰ ਦਿੱਤੀਆਂ। ਸੂਤਰਾਂ ਨੇ ਦੱਸਿਆ ਕਿ ਦੇਸ਼ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਹਵਾਈ ਅੱਡਿਆਂ ਵਿੱਚ ਸ੍ਰੀਨਗਰ, ਲੇਹ, ਜੰਮੂ, ਅੰਮ੍ਰਿਤਸਰ, ਪਠਾਨਕੋਟ, ਚੰਡੀਗੜ੍ਹ, ਜੋਧਪੁਰ, ਜੈਸਲਮੇਰ, ਸ਼ਿਮਲਾ, ਧਰਮਸ਼ਾਲਾ ਅਤੇ ਜਾਮਨਗਰ ਸ਼ਾਮਲ ਹਨ।  ਸੂਤਰਾਂ ਦੇ ਅਨੁਸਾਰ ਏਅਰਲਾਈਨਾਂ ਵੱਲੋਂ ਵੱਖ-ਵੱਖ ਹਵਾਈ ਅੱਡਿਆਂ ਤੋਂ ਆਉਣ-ਜਾਣ ਵਾਲੀਆਂ 200 ਤੋਂ ਵੱਧ ਉਡਾਣਾਂ ਰੱਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਸਿਰਫ਼ ਇੰਡੀਗੋ ਨੇ ਹੀ ਲਗਭਗ 160 ਉਡਾਣਾਂ ਰੱਦ ਕੀਤੀਆਂ ਹਨ। ਇਸ ਤੋਂ ਬਿਨਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਇਕ ਪੋਸਟ ਵਿੱਚ ਕਿਹਾ ਕਿ ਉਸ ਨੇ ਪਾਕਿਸਤਾਨੀ ਹਵਾਈ ਖੇਤਰ ਬੰਦ ਹੋਣ ਕਾਰਨ ਪਾਕਿਸਤਾਨ ਲਈ ਉਡਾਣਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਹਨ।