ਰੂੁਸੀ ਰਾਸ਼ਟਰਪਤੀ ਪੁਤਿਨ ਨੇ ਪਹਿਲਗਾਮ ਹਮਲੇ ਬਾਰੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ

Putin dials PM Modi over Pahalgam attack, accepts invitation for India visit later this year

ਰੂੁਸੀ ਰਾਸ਼ਟਰਪਤੀ ਪੁਤਿਨ ਨੇ ਪਹਿਲਗਾਮ ਹਮਲੇ ਬਾਰੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ

ਨਵੀਂ ਦਿੱਲੀ-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਇਸ ਸਾਲ ਦੇ ਅੰਤ ਵਿੱਚ ਭਾਰਤ ਆਉਣ ਦਾ ਸੱਦਾ ਜਿਸ ਨੂੰ ਰੂਸੀ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ। ਜਾਣਕਾਰੀ ਮੁਤਾਬਕ ਇੱਕ ਫ਼ੋਨ ਕਾਲ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨੂੰ ਆਉਣ ਵਾਲੇ ਸਾਲਾਨਾ ਭਾਰਤ-ਰੂਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਨੇਤਾਵਾਂ ਨੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ’ਤੇ ਵੀ ਚਰਚਾ ਕੀਤੀ, ਜਿਸ ਵਿੱਚ ਪੁਤਿਨ ਨੇ ਭਾਰਤ ਲਈ ਜ਼ੋਰਦਾਰ ਸਮਰਥਨ ਪ੍ਰਗਟ ਕੀਤਾ ਅਤੇ ਹਿੰਸਾ ਦੀ ਨਿੰਦਾ ਕੀਤੀ। ਇਸ ਮੌਕੇ ਦੋਵਾਂ ਨੇਤਾਵਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਰੂਸ ਵਿਚਕਾਰ ਮਜ਼ਬੂਤ ਸਬੰਧ ਬਾਹਰੀ ਦਬਾਅ ਤੋਂ ਪ੍ਰਭਾਵਿਤ ਨਹੀਂ ਹਨ ਅਤੇ ਲਗਾਤਾਰ ਵਧਦੇ ਰਹਿੰਦੇ ਹਨ। ਇਸ ਤੋਂ ਬਿਨਾਂ ਐਕਸ ’ਤੇ ਇੱਕ ਪੋਸਟ ਵਿੱਚ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਾਲ ਦੇ ਵੇਰਵੇ ਸਾਂਝੇ ਕਰਦੇ ਹੋਏ ਕਿਹਾ ਕਿ“ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕੀਤਾ ਅਤੇ ਭਾਰਤ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਮਾਸੂਮ ਜਾਨਾਂ ਦੇ ਨੁਕਸਾਨ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਨੂੰ ਪੂਰਾ ਸਮਰਥਨ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਘਿਨਾਉਣੇ ਹਮਲੇ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।” ਪੁਤਿਨ ਨੇ ਪਹਿਲਗਾਮ ਹਮਲੇ ਨੂੰ ’ਬੇਰਹਿਮ ਅਪਰਾਧ’ ਦੱਸਿਆ ਅਤੇ ਭਾਰਤ ਨੂੰ ਅੱਤਵਾਦ ਵਿਰੋਧੀ ਯਤਨਾਂ ਵਿੱਚ ਰੂਸ ਦੇ ਨਿਰੰਤਰ ਸਹਿਯੋਗ ਦਾ ਭਰੋਸਾ ਦਿੱਤਾ।