ਸੂਬੇ ’ਚ ਸਾਹਮਣੇ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਵਿਸ਼ਵ ਬੈਂਕ ਤੋਂ ਮਦਦ ਮੰਗੀ
ਚੰਡੀਗੜ੍ਹ-ਸੂਬੇ ’ਚ ਸਾਹਮਣੇ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵ ਬੈਂਕ ਤੋਂ ਮਦਦ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ’ਤੇ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਵਿਸ਼ਵ ਬੈਂਕ ਦੇ ਡਾਇਰੈਕਟਰ ਸਾਹਮਣੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ, ਜਨਤਕ ਸੇਵਾਵਾਂ ’ਚ ਸੁਧਾਰ ਅਤੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਵਿੱਤੀ ਸਹਾਇਤਾ ਨਾਲ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਮਨੁੱਖੀ ਸਰੋਤ ਵਿਕਾਸ ਤੇ ਸਮਾਜ ਭਲਾਈ ਪਹਿਲਕਦਮੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੁਰਾਣੇ ਜਲ ਸਰੋਤਾਂ ਨੂੰ ਸੁਰਜੀਤ ਕਰ ਰਹੀ ਹੈ ਅਤੇ ਵਾਹੀਯੋਗ ਜ਼ਮੀਨ ਦੇ ਵੱਧ ਤੋਂ ਵੱਧ ਹਿੱਸੇ ਨੂੰ ਨਹਿਰੀ ਪਾਣੀ ਮੁਹੱਈਆ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਮਾਨ ਨੇ ਧਰਤੀ ਹੇਠਲੇ ਪਾਣੀ ਵਿੱਚ ਸਿੱਕਾ ਅਤੇ ਹੋਰ ਭਾਰੀ ਧਾਤਾਂ ਦੀ ਮੌਜੂਦਗੀ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਸ਼ਵ ਬੈਂਕ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਲਈ ਉੱਤਰ ਪ੍ਰਦੇਸ਼ ਵਿੱਚ ਸ਼ੁਰੂ ਕੀਤੇ ਗਏ ਪ੍ਰਾਜੈਕਟ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਪ੍ਰਾਜੈਕਟ ਸ਼ੁਰੂ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਵਿਸ਼ਵ ਬੈਂਕ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਹਾਂ-ਪੱਖੀ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਖੇਤਰ ’ਚ ਸਹਿਯੋਗ ਬਾਰੇ ਵਿਚਾਰ ਕਰ ਰਹੇ ਹਨ।