ਹਿਮਾਚਲ ’ਚ ਭੂਚਾਲ ਦੇ ਝਟਕੇ, ਸ਼ਿਮਲਾ ਤੇ ਚੰਬਾ ਵਿੱਚ ਹਿੱਲੀ ਧਰਤੀ; ਕੋਈ ਜਾਨੀ-ਮਾਲੀ ਨੁਕਸਾਨ ਨਹੀਂ
ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਚੰਬਾ ਜ਼ਿਲ੍ਹਿਆਂ ਵਿੱਚ ਬੁੱਧਵਾਰ ਤੜਕੇ ਕੁਝ ਸਕਿੰਟਾਂ ਲਈ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਮੁਤਾਬਕ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ (ਐੱਨਸੀਐੱਸ) ਮੁਤਾਬਕ ਸ਼ਿਮਲਾ ਵਿੱਚ ਸਵੇਰੇ 5:46 ਵਜੇ 4.0 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਧਰਤੀ ਤੋਂ ਲਗਭਗ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ।
ਭੂਚਾਲ ਦਾ ਕੇਂਦਰ 31.387° ਉੱਤਰੀ ਅਕਸ਼ਾਂਸ਼ ਅਤੇ 77.787° ਪੂਰਬੀ ਦੇਸ਼ਾਂਤਰ ’ਤੇ ਦਰਜ ਕੀਤਾ ਗਿਆ।ਇਸ ਤੋਂ ਪਹਿਲਾਂ ਚੰਬਾ ਵਿੱਚ ਸਵੇਰੇ ਕਰੀਬ 4:38 ਵਜੇ 2.5 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਸੀ।
ਸ਼ਿਮਲਾ ਪ੍ਰਸ਼ਾਸਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ ਵੱਲੋਂ ਭੂਚਾਲ ਸਬੰਧੀ ਅਲਰਟ ਮਿਲਿਆ ਸੀ। ਫਿਲਹਾਲ ਸ਼ਿਮਲਾ ਜ਼ਿਲ੍ਹੇ ਵਿੱਚ ਕਿਸੇ ਵੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ, ਹਾਲਾਂਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।ਹਿਮਾਚਲ ਪ੍ਰਦੇਸ਼ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਲਗਾਤਾਰ ਥੋੜ੍ਹੇ ਅੰਤਰਾਲ ਵਿੱਚ ਦੋ ਭੂਚਾਲ ਦਰਜ ਹੋਣ ਕਾਰਨ ਸਥਾਨਕ ਲੋਕਾਂ ਵਿੱਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣਿਆ, ਪਰ ਹੁਣ ਤੱਕ ਕਿਸੇ ਵੱਡੇ ਨੁਕਸਾਨ ਦੀ ਖ਼ਬਰ ਨਹੀਂ ਹੈ।
















