ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਲਗਭਗ 1700 ਗਜ਼ਟਿਡ ਅਧਿਕਾਰੀ ਨਿਯੁਕਤ

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਲਗਭਗ 1700 ਗਜ਼ਟਿਡ ਅਧਿਕਾਰੀ ਨਿਯੁਕਤ

ਚੰਡੀਗੜ੍ਹ-ਸੂਬੇ ਭਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪ੍ਰਸ਼ਾਸਨ ਅਤੇ ਲੋਕਾਂ ਵਿਚਕਾਰ ਸਿੱਧਾ ਸੰਚਾਰ ਯਕੀਨੀ ਬਣਾਉਣ ਲਈ ਹਰੇਕ ਪਿੰਡ ਲਈ ਇੱਕ ਗਜ਼ਟਿਡ ਅਧਿਕਾਰੀ ਨਿਯੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕ ਉਨ੍ਹਾਂ ਨਾਲ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਅਤੇ ਤੁਰੰਤ ਅਤੇ ਢੁਕਵਾਂ ਹੱਲ ਯਕੀਨੀ ਬਣਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੀਰਵਾਰ ਤੱਕ 23 ਜ਼ਿਲ੍ਹਿਆਂ ਦੇ ਲਗਭਗ 1698 ਪਿੰਡ ਹੜ੍ਹਾਂ ਕਾਰਨ ਡੁੱਬ ਗਏ ਹਨ ਜਿਸ ਨਾਲ ਸੂਬੇ ਦੇ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹਿਲਾਂ ਹੀ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।