2025 ਦੀ ਸ਼ੁਰੂਆਤ ’ਚ ਦੇਸ਼ ਵਿੱਚ ਮਰਦਮਸ਼ੁਮਾਰੀ ਹੋਣ ਦੀ ਸੰਭਾਵਨਾ

ਨਵੀਂ ਦਿੱਲੀ-2025 ਦੇ ਸ਼ੁਰੂਆਤੀ ਮਹੀਨਿਆਂ ਵਿੱਚ ਦੇਸ਼ ਦੀ ਮਰਦਮਸ਼ੁਮਾਰੀ ਅਤੇ ਕੌਮੀ ਜਨਸੰਖਿਆ ਰਜਿਸਟਰ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਅੰਕੜੇ 2026 ਤਕ ਜਾਰੀ ਕੀਤੇ ਜਾਣਗੇ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਜਾਣਕਾਰੀ ਮੁਤਾਬਕ ਇਸ ਅਭਿਆਸ ਤੋਂ ਬਾਅਦ, ਭਵਿੱਖ ਦਾ ਮਰਦਮਸ਼ੁਮਾਰੀ ਚੱਕਰ ਪੂਰੀ ਤਰ੍ਹਾਂ ਬਦਲ ਜਾਵੇਗਾ। ਹਾਲਾਂਕਿ, ਅਜੇ ਤਕ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਕਿ ਜਾਤ ਅਧਾਰਤ ਮਰਦਮਸ਼ੁਮਾਰੀ ਆਮ ਮਰਦਮਸ਼ੁਮਾਰੀ ਦੇ ਨਾਲ-ਨਾਲ ਕੀਤੀ ਜਾਵੇਗੀ ਜਾਂ ਨਹੀਂ। ਦੇਸ਼ ’ਚ 1951 ਤੋਂ ਹਰ 10 ਸਾਲ ਬਾਅਦ ਮਰਦਮਸ਼ੁਮਾਰੀ ਕੀਤੀ ਜਾਂਦੀ ਹੈ ਪਰ ਕੋਵਿਡ-19 ਮਹਾਮਾਰੀ ਕਾਰਨ 2021 ’ਚ ਮਰਦਮਸ਼ੁਮਾਰੀ ਦਾ ਕੰਮ ਨਹੀਂ ਹੋ ਸਕਿਆ। ਇਸ ਦੇ ਅਗਲੇ ਪ੍ਰੋਗਰਾਮ ਬਾਰੇ ਅਜੇ ਕੋਈ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਸੂਤਰਾਂ ਨੇ ਕਿਹਾ, ‘‘ਪੂਰੀ ਸੰਭਾਵਨਾ ਹੈ ਕਿ ਮਰਦਮਸ਼ੁਮਾਰੀ ਅਤੇ ਐਨ.ਪੀ.ਆਰ. ਦਾ ਕੰਮ ਅਗਲੇ ਸਾਲ ਦੇ ਸ਼ੁਰੂ ’ਚ ਸ਼ੁਰੂ ਹੋ ਜਾਵੇਗਾ ਅਤੇ ਆਬਾਦੀ ਦੇ ਅੰਕੜੇ 2026 ਤਕ ਐਲਾਨ ਕੀਤੇ ਜਾਣਗੇ। ਇਸ ਦੇ ਨਾਲ ਹੀ ਮਰਦਮਸ਼ੁਮਾਰੀ ਚੱਕਰ ’ਚ ਵੀ ਬਦਲਾਅ ਹੋਣ ਦੀ ਸੰਭਾਵਨਾ ਹੈ। ਇਸ ਲਈ ਇਹ ਚੱਕਰ ਹੁਣ 2025-2035 ਅਤੇ ਫਿਰ 2035-2045 ਹੋਵੇਗਾ ਅਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।’’