328 ਪਾਵਨ ਸਰੂਪਾਂ ਮਾਮਲੇ ‘ਚ SGPC ਵੱਲੋਂ ਜਾਂਚ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸੰਬੰਧਿਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਧਿਕਾਰਤ ਤੌਰ ‘ਤੇ ਜਾਂਚ ਕਰ ਰਹੀ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਹੇਠ ਚੰਡੀਗੜ੍ਹ ਸਥਿਤ ਸਬ ਦਫ਼ਤਰ ਵਿੱਚ ਸੌਂਪੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਦੀ ਜਾਂਚ ਟੀਮ ਵੱਲੋਂ ਲਿਖਤੀ ਰੂਪ ਵਿੱਚ ਜੋ ਵੀ ਜਾਣਕਾਰੀ ਮੰਗੀ ਗਈ ਸੀ, ਉਹ ਸਾਰੀ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਸਬੰਧੀ ਕਿਸੇ ਕਿਸਮ ਦੀ ਸਿਆਸਤ, ਬਿਆਨਬਾਜ਼ੀ ਜਾਂ ਦੂਸ਼ਣਬਾਜ਼ੀ ਨਾ ਕੀਤੀ ਜਾਵੇ।
ਉਨ੍ਹਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਜਾਂਚ ਟੀਮ ਵੱਲੋਂ ਅਗਾਂਹ ਵੀ ਜੇਕਰ ਕਿਸੇ ਤਰ੍ਹਾਂ ਦਾ ਅਧਿਕਾਰਤ ਸਹਿਯੋਗ ਮੰਗਿਆ ਜਾਂਦਾ ਹੈ, ਤਾਂ ਉਹ ਪੂਰੀ ਤਰ੍ਹਾਂ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਵੀ ਮੌਜੂਦ ਸਨ।
















