DA ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨ ’ਤੇ ਪੰਜਾਬ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ

DA ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨ ’ਤੇ ਪੰਜਾਬ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (DA/DR) ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ।ਨਿਰਮਲ ਸਿੰਘ ਧਨੋਆ ਅਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ, ਵਧੀਕ ਮੁੱਖ ਸਕੱਤਰ (ਵਿੱਤ) ਆਲੋਕ ਸ਼ੇਖਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਅਤੇ ਅੰਡਰ ਸਕੱਤਰ (ਵਿੱਤ) ਸਰੋਜ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਪਟੀਸ਼ਨ ਹਾਈ ਕੋਰਟ ਵੱਲੋਂ 3 ਅਗਸਤ ਨੂੰ ਜਾਰੀ ਕੀਤੇ ਹੁਕਮਾਂ ਤੋਂ ਬਾਅਦ ਦਾਇਰ ਕੀਤੀ ਗਈ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ DA/DR ਦੀਆਂ ਸਾਰੀਆਂ ਬਕਾਇਆ ਕਿਸ਼ਤਾਂ 15 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।ਸ਼ੁੱਕਰਵਾਰ ਨੂੰ ਮਾਮਲੇ ਦੀ ਸੁਣਵਾਈ ਜਸਟਿਸ ਹਰਸ਼ ਬੰਗਰ ਦੀ ਅਦਾਲਤ ਵਿੱਚ ਹੋਈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਸਥਿਤੀ ਰਿਪੋਰਟ ਜਾਂ ਅਦਾਲਤੀ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਦਾਇਰ ਕਰਨ ਲਈ ਕੁਝ ਹੋਰ ਸਮਾਂ ਮੰਗਿਆ।ਇਸ ’ਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ 2026 ਲਈ ਮੁਲਤਵੀ ਕਰ ਦਿੱਤੀ ਹੈ।