ਆਪ ਦੀ ਸਾਬਕਾ ਮਹਿਲਾ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

ਆਪ ਦੀ ਸਾਬਕਾ ਮਹਿਲਾ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
ਚੰਡੀਗੜ੍ਹ-ਆਮ ਆਦਮੀ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਜਾਣਕਾਰੀ ਮੁਤਾਬਕ ਉਹਨਾਂ ਦੀ ਸ਼ਮੂਲੀਅਤ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਵਾਈ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਜਾਣਕਾਰੀ ਮੁਤਾਬਕ ਬੀਤੇ ਦਿਨੀ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੂੰ ਪਾਰਟੀ ’ਚ ਕਥਿਤ ਤੌਰ ’ਤੇ ਚਾਪਲੂਸਾਂ ਨੂੰ ਅਹੁਦੇਦਾਰੀਆਂ ਦਾ ਵਿਰੋਧ ਕਰਨ ਅਤੇ ਬਾਗ਼ੀ ਤੇਵਰ ਵਿਖਾਉਣ ’ਤੇ ਅਹੁਦੇ ਤੋਂ ਹਟਾ ਦਿੱਤਾ ਸੀ। ਸੂਬਾ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦੀ ਥਾਂ ਅਮਨਦੀਪ ਕੌਰ ਨੂੰ ਪ੍ਰਧਾਨਗੀ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਸੀ।  ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਤਿੱਖੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲਗਾਤਾਰ ਕਰਜ਼ਾ ਚੁੱਕ ਕੇ ਪੰਜਾਬ ਨੂੰ ਕਰਜ਼ਈ ਬਣਾ ਰਹੀ ਹੈ, ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਬਾਹਰਲੇ ਵਿਅਕਤੀਆਂ ਨੂੰ ਪੰਜਾਬ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਨੂੰ ਬਚਾਉਣ ਲਈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ।