ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ’ਤੇ ਲਗਾਈ ਗਈ ਪਾਬੰਦੀ ਗੈਰ-ਵਾਜਬ: ਐਡਵੋਕੇਟ ਧਾਮੀ
ਅੰਮ੍ਰਿਤਸਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਜਥੇ ਨੂੰ ਇਜਾਜ਼ਤ ਨਾ ਦੇਣ ਦਾ ਭਾਰਤ ਸਰਕਾਰ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਨਿਰਾਸ਼ਾਜਨਕ ਹੈ। ਜਾਣਕਾਰੀ ਮੁਤਾਬਕ ਸਿੱਖ ਭਾਈਚਾਰੇ ਲਈ ਪਵਿੱਤਰ ਗੁਰਧਾਮਾਂ ਦੀ ਯਾਤਰਾ ਧਾਰਮਿਕ ਭਾਵਨਾਵਾਂ ਨਾਲ ਜੁੜੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਇਸ ਵਿੱਚ ਰੁਕਾਵਟ ਪਾਉਣ ਨਾਲ ਸਿੱਖ ਭਾਈਚਾਰੇ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਵਿਚਾਰਧਾਰਾ ਮਨੁੱਖਤਾ ਨੂੰ ਜੋੜਦੀ ਹੈ ਅਤੇ ਆਪਸੀ ਸਦਭਾਵਨਾ ਸਿਖਾਉਂਦੀ ਹੈ। ਗੁਰੂ ਨਾਨਕ ਸਾਹਿਬ ਜੀ ਦਾ ਸੰਦੇਸ਼ ਹਰ ਧਰਮ, ਜਾਤ ਅਤੇ ਸਮਾਜ ਦੇ ਲੋਕਾਂ ਨੂੰ ਏਕਤਾ, ਪਿਆਰ ਅਤੇ ਨਿਮਰਤਾ ਵੱਲ ਪ੍ਰੇਰਿਤ ਕਰਦਾ ਹੈ। ਇਸ ਕਾਰਨ ਕਰਕੇ, ਗੁਰਧਾਮਾਂ ਦੀ ਯਾਤਰਾ ਨਾ ਸਿਰਫ਼ ਧਾਰਮਿਕ ਹੈ, ਸਗੋਂ ਮਨੁੱਖੀ ਭਾਵਨਾਵਾਂ ਅਤੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਦੋਵਾਂ ਦੇਸ਼ਾਂ ਦੇ ਸਾਂਝੇ ਸਬੰਧਾਂ ਨੂੰ ਮਜ਼ਬੂਤ ਕਰਦੀ ਹੈ ਅਤੇ ਲੋਕਾਂ ਦੇ ਦਿਲਾਂ ਵਿੱਚ ਨੇੜਤਾ ਲਿਆਉਂਦੀ ਹੈ। ਇਸ ਲਈ, ਇਸ ਯਾਤਰਾ ਨੂੰ ਰੋਕਣ ਦਾ ਸਰਕਾਰ ਦਾ ਫੈਸਲਾ ਇੱਕ ਨਿਰਾਸ਼ਾਜਨਕ ਕਦਮ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਰਤ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਅਣਦੇਖਾ ਕਰਕੇ ਇਹ ਫੈਸਲਾ ਲਿਆ ਹੈ, ਜਿਸ ਕਾਰਨ ਸਿੱਖ ਜਗਤ ਵਿੱਚ ਭਾਰੀ ਰੋਸ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰੇ ਅਤੇ ਇਸ ਧਾਰਮਿਕ ਯਾਤਰਾ ਲਈ ਤੁਰੰਤ ਇਜਾਜ਼ਤ ਦੇਵੇ ਤਾਂ ਜੋ ਭਾਈਚਾਰਾ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੀ ਅਟੁੱਟ ਆਸਥਾ ਨਾਲ ਸਬੰਧਤ ਗੁਰਦੁਆਰਿਆਂ ਦੇ ਦਰਸ਼ਨ ਕਰ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖਾਲਸਾ ਪੰਥ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ਦੇ ਇਸ ਮੰਦਭਾਗੇ ਫੈਸਲੇ ਵਿਰੁੱਧ ਆਪਣਾ ਸਪੱਸ਼ਟ ਵਿਰੋਧ ਦਰਜ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਛੇੜਛਾੜ ਨਾ ਹੋਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਇੱਕ ਵਿਸਥਾਰਤ ਪੱਤਰ ਵੀ ਲਿਖ ਰਹੀ ਹੈ।
















