ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਅਧੀਨ ਆਉਂਦੇ ਲਗਭਗ 800 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਰੱਦ
ਨਵੀਂ ਦਿੱਲੀ-800 ਕਰੋੜ ਰੁਪਏ ਦੇ ਪ੍ਰੋਜੈਕਟ ਜੋ ਕਿ ਪੰਜਾਬ ਦੀ ਪ੍ਰਧਾਨ ਮੰਤਰੀ ਸੜਕ ਯੋਜਨਾ ਅਧੀਨ ਆਉਂਦੇ ਹਨ ਨੂੰ ਕੇਂਦਰ ਸਰਕਰ ਨੇ ਰੱਦ ਕਰ ਦਿੱਤੇ ਹਨ, ਜਿਨ੍ਹਾਂ ਵਿੱਚ 64 ਸੜਕਾਂ ਦੀ 628.48 ਕਿਲੋਮੀਟਰ ਦੀ ਅਪਗ੍ਰੇਡੇਸ਼ਨ ਅਤੇ 38 ਨਵੇਂ ਪੁਲਾਂ ਦਾ ਨਿਰਮਾਣ ਸ਼ਾਮਲ ਸੀ। ਜਾਣਕਾਰੀ ਮੁਤਾਬਕ ਇਹ ਪ੍ਰੋਜੈਕਟ 31 ਮਾਰਚ 2025 ਨੂੰ ਮਨਜ਼ੂਰ ਹੋਏ ਸਨ, ਪਰ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਨੇ ਹੁਣ ਉਨ੍ਹਾਂ ਪ੍ਰੋਜੈਕਟਾਂ ਨੂੰ ਰੱਦ ਕਰ ਦਿੱਤਾ ਹੈ, ਜਿਨ੍ਹਾਂ ਦੇ ਟੈਂਡਰ ਜਾਂ ਕੰਮ ਅਜੇ ਸ਼ੁਰੂ ਨਹੀਂ ਹੋਏ। ਇਸ ਫੈਸਲੇ ਨਾਲ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਸੜਕਾਂ ਦਾ ਕੰਮ ਪ੍ਰਭਾਵਿਤ ਹੋਵੇਗਾ, ਜੋ ਜ਼ਿਆਦਾਤਰ ਸਰਹੱਦੀ ਖੇਤਰਾਂ ਵਿੱਚ ਹਨ। ਪੰਜਾਬ ਸਰਕਾਰ ਨੇ ਇਸ ਮੁੱਦੇ ’ਤੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਪ੍ਰੋਜੈਕਟਾਂ ਨੂੰ ਮੁੜ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ, ਕਿਉਂਕਿ ਇਸ ਦੀ ਰੱਦੀਕਰਨ ਨਾਲ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਸਰਕਾਰ ਦੇ ਸਕੱਤਰ ਰਵੀ ਭਗਤ ਨੇ ਵੀ ਕੇਂਦਰੀ ਸਕੱਤਰ ਨੂੰ ਪੱਤਰ ਲਿਖਿਆ, ਜਿਸ ਵਿੱਚ ਦੱਸਿਆ ਗਿਆ ਕਿ ਕੰਮ ਪ੍ਰਕਿਰਿਆ ਅਧੀਨ ਹੈ ਅਤੇ ਬਰਸਾਤ ਦਾ ਮੌਸਮ ਖਤਮ ਹੁੰਦੇ ਹੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਾਰਾ ਕੰਮ 31 ਮਾਰਚ 2026 ਤੱਕ ਪੂਰਾ ਹੋ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਰੱਦ ਨਾ ਕੀਤਾ ਜਾਵੇ, ਕਿਉਂਕਿ ਇਹ ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਆਮ ਲੋਕਾਂ ਦੀ ਸਹੂਲਤ ਲਈ ਜ਼ਰੂਰੀ ਹਨ।
















