ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੜ ਸੀਐਮ ਚਿਹਰਾ ਐਲਾਨਿਆ, ਪੰਜਾਬ ਵਿੱਚ ਅਗਾਊਂ ਚੋਣਾਂ ਦੇ ਦਿੱਤੇ ਸੰਕੇਤ
ਬਠਿੰਡਾ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਕੇਤ ਦਿੱਤੇ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਇਸੇ ਸਾਲ ਨਵੰਬਰ ਮਹੀਨੇ ਵਿੱਚ ਵੀ ਕਰਵਾਈਆਂ ਜਾ ਸਕਦੀਆਂ ਹਨ।
ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਜਿੱਤ ਮੌਕੇ ਕਰਵਾਏ ਗਏ ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਚੋਣ ਤਿਆਰੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਨਵੰਬਰ ਵਿੱਚ ਹੁੰਦੀਆਂ ਹਨ ਤਾਂ ਸਿਰਫ਼ ਚਾਰ ਮਹੀਨੇ ਬਾਕੀ ਹਨ ਅਤੇ ਸਾਰਿਆਂ ਦਾ ਇੱਕੋ ਟੀਚਾ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਾ ਹੋਣਾ ਚਾਹੀਦਾ ਹੈ।
ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੌਰਾਨ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਜਾਂ ਉਨ੍ਹਾਂ ਦੇ ਪਰਿਵਾਰ 'ਤੇ ਕੋਈ ਵੀ ਭ੍ਰਿਸ਼ਟਾਚਾਰ ਦਾ ਦੋਸ਼ ਸਾਬਤ ਨਹੀਂ ਹੋ ਸਕਿਆ।ਆਪ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਦਕਿ ਨਵੀਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਰੋਡ ਸ਼ੋਅ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਆਪ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਚਾਰ ਤਰ੍ਹਾਂ ਦੀਆਂ ਪਾਰਟੀਆਂ ਹਨ, ਪਰ ਆਮ ਆਦਮੀ ਪਾਰਟੀ ਹੀ ਲੋਕਾਂ ਦੀ ਅਤੇ ਇਮਾਨਦਾਰ ਪਾਰਟੀ ਹੈ।ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸ ਦੇ ਕਈ ਆਗੂ ਵੀ ਆਪਣੇ ਵਰਕਰਾਂ ਨੂੰ ਸੰਭਾਵਿਤ ਅਗਾਊਂ ਚੋਣਾਂ ਲਈ ਤਿਆਰ ਰਹਿਣ ਦੇ ਸੰਕੇਤ ਦੇ ਚੁੱਕੇ ਹਨ।
















