ਗਿਆਨੀ ਹਰਪ੍ਰੀਤ ਸਿੰਘ ਹੱਥ ਨਵੇਂ ਅਕਾਲੀ ਦਲ ਦੀ ਕਮਾਨ 

ਗਿਆਨੀ ਹਰਪ੍ਰੀਤ ਸਿੰਘ ਹੱਥ ਨਵੇਂ ਅਕਾਲੀ ਦਲ ਦੀ ਕਮਾਨ 

ਅੰਮ੍ਰਿਤਸਰ-ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬ ਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਇਹ ਫੈਸਲਾ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਹੋਏ ਡੈਲੀਗੇਟ ਇਜਲਾਸ ਦੌਰਾਨ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ। ਜਾਣਕਾਰੀ ਮੁਤਾਬਕ ਇਸੇ ਇਜਲਾਸ ਵਿੱਚ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਚੁਣਿਆ ਗਿਆ। ਹਾਜ਼ਰ ਡੈਲੀਗੇਟਾਂ ਨੇ ਜੈਕਾਰਿਆਂ ਨਾਲ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ। ਇਕਬਾਲ ਸਿੰਘ ਝੂੰਢਾ ਨੇ ਕਿਹਾ ਕਿ ਡੈਲੀਗੇਟਾਂ ਦੀ ਚੋਣ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ, ਅਤੇ ਗੈਰ-ਡੈਲੀਗੇਟਾਂ ਨੂੰ ਹਾਲ ਛੱਡਣ ਲਈ ਕਿਹਾ ਗਿਆ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਧਾਨ ਦੀ ਚੋਣ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਕੀਤੀ ਜਾ ਰਹੀ ਹੈ। ਪੰਥਕ ਏਕਤਾ ਲਈ ਕਮੇਟੀ ਨੇ ਵੱਖ-ਵੱਖ ਪੰਥਕ ਪਾਰਟੀਆਂ ਅਤੇ ਸੰਗਠਨਾਂ ਨਾਲ ਮੀਟਿੰਗਾਂ ਕੀਤੀਆਂ। ਇਹ ਨਿਯੁਕਤੀਆਂ ਪਾਰਟੀ ਦੀ ਮਜ਼ਬੂਤੀ ਅਤੇ ਪੰਥਕ ਏਕਤਾ ਦੀ ਦਿਸ਼ਾ ਵਿੱਚ ਅਹਿਮ ਕਦਮ ਮੰਨੀਆਂ ਜਾ ਰਹੀਆਂ ਹਨ।