ਗੁਰਮੰਤਰ ਤੇ ਅਰਦਾਸ ਨਾਲ ਸ਼ੁਰੂ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦੀ ਡਿਊਟੀ

ਗੁਰਮੰਤਰ ਤੇ ਅਰਦਾਸ ਨਾਲ ਸ਼ੁਰੂ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦੀ ਡਿਊਟੀ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਨਵੇਂ ਨਿਰਦੇਸ਼ਾਂ ਅਨੁਸਾਰ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮ ਆਪਣੀ ਡਿਊਟੀ ਦੀ ਸ਼ੁਰੂਆਤ ਗੁਰਮੰਤਰ ਅਤੇ ਅਰਦਾਸ ਨਾਲ ਕਰਨਗੇ।

ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਪ੍ਰਧਾਨ ਵੱਲੋਂ ਜਾਰੀ ਕੀਤੇ ਆਦੇਸ਼ਾਂ ਦੀ ਪੂਰੀ ਸ਼ਰਧਾ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਨੇਜਰਾਂ ਅਤੇ ਸਟਾਫ ਵੱਲੋਂ ਹਰ ਰੋਜ਼ ਡਿਊਟੀ ਤੋਂ ਪਹਿਲਾਂ ਸਮੂਹਿਕ ਤੌਰ ‘ਤੇ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਜਾਂਦਾ ਹੈ ਅਤੇ ਇਸ ਤੋਂ ਬਾਅਦ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਂਦੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਸਮੂਹ ਸੇਵਾਦਾਰ ਅਤੇ ਮੁਲਾਜ਼ਮ ਇਸ ਮਰਯਾਦਾ ਨੂੰ ਅਪਣਾ ਚੁੱਕੇ ਹਨ ਅਤੇ ਹੁਣ ਹਰ ਰੋਜ਼ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਸਿਮਰਨ ਕੀਤਾ ਜਾਂਦਾ ਹੈ।

ਭਗਵੰਤ ਸਿੰਘ ਧੰਗੇੜਾ ਨੇ ਸਿੱਖ ਸਿਧਾਂਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ “ਨਾਮ ਜਪੋ, ਕਿਰਤ ਕਰੋ, ਵੰਡ ਛਕੋ” ਸਾਡੇ ਜੀਵਨ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਆਪਣੀ ਰੋਜ਼ਾਨਾ ਦੀ ਕਿਰਤ ਸ਼ੁਰੂ ਕਰਨ ਤੋਂ ਪਹਿਲਾਂ ਗੁਰਬਾਣੀ ਦਾ ਜਾਪ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਦਸਵੰਧ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਆਪਣੀ ਕਮਾਈ ਵਿੱਚੋਂ ਹਿੱਸਾ ਗੁਰੂ ਦੀ ਗੋਲਕ ਲਈ ਜ਼ਰੂਰ ਕੱਢਣਾ ਚਾਹੀਦਾ ਹੈ, ਤਾਂ ਜੋ ਇਹ ਨੇਕ ਕਾਰਜਾਂ ਲਈ ਵਰਤਿਆ ਜਾ ਸਕੇ।

ਇਸ ਮੌਕੇ ਨਰਿੰਦਰ ਸਿੰਘ ਮਥਰੇਵਾਲ, ਸਤਨਾਮ ਸਿੰਘ ਝਬਾਲ ਅਤੇ ਗੁਰਪ੍ਰੀਤ ਸਿੰਘ ਸਮੇਤ ਕਈ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।