ਚੋਣ ਕਮਿਸ਼ਨ ਵੱਲੋਂ 13 ਸੂਬਿਆਂ ਅਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਸਾਲਾਨਾ ਸੋਧ ਦਾ ਐਲਾਨ
The Election Commission of India has announced the annual Special Summary Revision (SSR) of electoral rolls in 13 states, three Union Territories and Assam, beginning in November 2026. Draft rolls will be published on November 12, claims and objections can be submitted until December 11, and final electoral rolls are scheduled for publication on January 4, 2027.
ਨਵੀਂ ਦਿੱਲੀ-ਭਾਰਤੀ ਚੋਣ ਕਮਿਸ਼ਨ ਨੇ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) ਦੀ ਪ੍ਰਕਿਰਿਆ ਪੂਰੀ ਕਰ ਚੁੱਕੇ 13 ਸੂਬਿਆਂ ਅਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਸਮੇਤ ਅਸਾਮ ਵਿੱਚ ਵੋਟਰ ਸੂਚੀਆਂ ਦੀ ਸਾਲਾਨਾ ਵਿਸ਼ੇਸ਼ ਸੰਖੇਪ ਸੋਧ (ਐੱਸ.ਐੱਸ.ਆਰ.) ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਪ੍ਰਕਿਰਿਆ ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ ਇਸ ਲਈ ਯੋਗਤਾ ਦੀ ਮਿਤੀ 1 ਜਨਵਰੀ 2027 ਨਿਰਧਾਰਤ ਕੀਤੀ ਗਈ ਹੈ।
ਚੋਣ ਕਮਿਸ਼ਨ ਨੇ ਵੀਰਵਾਰ ਨੂੰ ਸਬੰਧਤ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸੋਧ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਸ ਸਾਲ ਕਈ ਸੂਬਿਆਂ ਵਿੱਚ ਵਿਸ਼ੇਸ਼ ਤੀਬਰ ਸੋਧ ਦੀ ਪ੍ਰਕਿਰਿਆ ਚੱਲਣ ਜਾਂ ਪੜਾਅਵਾਰ ਕਰਵਾਏ ਜਾਣ ਦੀ ਯੋਜਨਾ ਕਾਰਨ ਸਾਲਾਨਾ ਸੰਖੇਪ ਸੋਧ ਨਹੀਂ ਕਰਵਾਈ ਗਈ ਸੀ।
ਇਸ ਪ੍ਰਕਿਰਿਆ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂ, ਅਸਾਮ, ਬਿਹਾਰ, ਛੱਤੀਸਗੜ੍ਹ, ਗੋਆ, ਗੁਜਰਾਤ, ਕੇਰਲ, ਲਕਸ਼ਦੀਪ, ਮੱਧ ਪ੍ਰਦੇਸ਼, ਮਣੀਪੁਰ, ਪੁਡੂਚੇਰੀ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਸ਼ਾਮਲ ਹਨ।
ਜਾਰੀ ਸਮਾਂ-ਸਾਰਣੀ ਅਨੁਸਾਰ, ਵੋਟਰ ਸੂਚੀਆਂ ਦਾ ਖਰੜਾ 12 ਨਵੰਬਰ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਬਾਅਦ 11 ਦਸੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾ ਸਕਣਗੇ। ਸੋਧ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਮਣੀਪੁਰ ਅਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿੱਚ ਵੋਟਰ ਸੂਚੀਆਂ ਦੀ ਇਹ ਸੋਧ ਚੋਣ ਪ੍ਰਕਿਰਿਆ ਦੇ ਲਿਹਾਜ਼ ਨਾਲ ਮਹੱਤਵਪੂਰਨ ਹੈ।
















