ਜਸਟਿਸ ਬੀ.ਆਰ. ਗਵਈ ਨੇ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
Justice B.R. Gavai sworn in as 52nd Chief Justice of India
ਨਵੀਂ ਦਿੱਲੀ-ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਬੀ.ਆਰ. ਗਵਈ ਨੇ ਬੁੱਧਵਾਰ ਨੂੰ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੇਰੇ 10 ਵਜੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸੰਖੇਪ ਸਮਾਰੋਹ ਵਿੱਚ ਜਸਟਿਸ ਗਵਈ ਨੂੰ ਹਿੰਦੀ ਵਿੱਚ ਅਹੁਦੇ ਦੀ ਸਹੁੰ ਚੁਕਾਈ। ਗੌਰਤਲਬ ਹੈ ਜਸਟਿਸ ਗਵਈ ਜਸਟਿਸ ਸੰਜੀਵ ਖੰਨਾ ਦੀ ਥਾਂ ਲੈਣਗੇ ਜੋ ਛੇ ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ 13 ਅਪ੍ਰੈਲ ਨੂੰ ਸੇਵਾਮੁਕਤ ਹੋਏ ਸਨ। ਜਸਟਿਸ ਖੰਨਾ ਨੇ 16 ਅਪ੍ਰੈਲ ਨੂੰ ਪਿਛਲੇ ਮਹੀਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਗਵਈ ਦੇ ਨਾਮ ਦੀ ਸਿਫਾਰਸ਼ ਕੀਤੀ ਸੀ। ਕੇਂਦਰ ਨੇ 29 ਅਪ੍ਰੈਲ ਨੂੰ ਉਨ੍ਹਾਂ ਦੀ ਨਿਯੁਕਤੀ ਨੂੰ ਸੂਚਿਤ ਕੀਤਾ ਸੀ। ਇਸ ਸਮਾਗਮ ਵਿੱਚ ਉਪ-ਰਾਸ਼ਟਰਪਤੀ ਜਗਦੀਪ ਧਨਖੜ, ਲੋਕ ਸਭਾ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਕੇਂਦਰੀ ਮੰਤਰੀ, ਸੇਵਾਮੁਕਤ ਸੀਜੇਆਈ ਖੰਨਾ, ਸੁਪਰੀਮ ਕੋਰਟ ਦੇ ਮੌਜੂਦਾ ਅਤੇ ਸਾਬਕਾ ਜੱਜ ਅਤੇ ਕਾਨੂੰਨ ਅਤੇ ਰਾਜਨੀਤੀ ਦੇ ਖੇਤਰਾਂ ਨਾਲ ਸਬੰਧਤ ਕਈ ਹੋਰ ਪਤਵੰਤੇ ਸ਼ਾਮਲ ਹੋਏ। ਦੱਸਣਯੋਗ ਹੈ 24 ਮਈ, 2019 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਪ੍ਰਾਪਤ ਕਰਨ ਤੋਂ ਬਾਅਦ, ਜਸਟਿਸ ਗਵਈ ਦਾ ਸੀਜੇਆਈ ਵਜੋਂ ਛੇ ਮਹੀਨਿਆਂ ਤੋਂ ਵੱਧ ਦਾ ਕਾਰਜਕਾਲ ਰਹੇਗਾ। ਉਹ 23 ਨਵੰਬਰ, 2025 ਨੂੰ ਸੇਵਾਮੁਕਤ ਹੋਣਗੇ। ਜਸਟਿਸ ਗਵਈ ਦਲਿਤ ਭਾਈਚਾਰੇ ਦੇ ਸੀਜੇਆਈ ਬਣਨ ਵਾਲੇ ਸਿਰਫ਼ ਦੂਜੇ ਵਿਅਕਤੀ ਹਨ, ਜਿਨ੍ਹਾਂ ਵਿੱਚੋਂ ਪਹਿਲੇ ਜਸਟਿਸ ਕੇ.ਜੀ. ਬਾਲਾਕ੍ਰਿਸ਼ਨਨ ਸਨ ।
















