ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਟੀ-20 ਵਿਸ਼ਵ ਕੱਪ ਜਿੱਤਣ ਦੀ ਖੁਸ਼ੀ ਵਿੱਚ ਭਾਰਤੀ ਕ੍ਰਿਕਟ ਟੀਮ ਲਈ 131 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਹ ਰਕਮ ਖਿਡਾਰੀਆਂ ਅਤੇ ਸਪੋਰਟਸ ਸਟਾਫ਼ ਵਿਚ ਵੰਡ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਨੇ ਪਿਛਲੇ ਐਤਵਾਰ ਫਾਈਨਲ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ ਸੀ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੈਚ ਦੌਰਾਨ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਿਊਜ਼ੀਲੈਂਡ ਨੂੰ ਮਾਤ ਦਿੱਤੀ ਅਤੇ ਟਰਾਫੀ ਜਿੱਤ ਲਈ। ਇਸ ਜਿੱਤ ਨਾਲ ਟੀਮ ਇੰਡੀਆ ਨੇ ਆਪਣਾ ਖਿਤਾਬ ਬਰਕਰਾਰ ਰੱਖਿਆ ਅਤੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਲਗਾਤਾਰ ਦੋ ਵਾਰ ਟਰਾਫੀ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਇਤਿਹਾਸਕ ਪ੍ਰਾਪਤੀ ਲਈ ਖਿਡਾਰੀਆਂ, ਸਹਾਇਕ ਸਟਾਫ਼ ਅਤੇ ਚੋਣਕਾਰਾਂ ਨੂੰ ਵਧਾਈ ਦਿੱਤੀ ਹੈ। ਬੋਰਡ ਨੇ ਉਮੀਦ ਜਤਾਈ ਹੈ ਕਿ ਟੀਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰਦੀ ਰਹੇਗੀ।