‘ਡਰਾਫਟ ਬੀਜ ਬਿੱਲ 2025’ ਰਾਜਾਂ ਦੇ ਹਿੱਤਾਂ ਲਈ ਘਾਤਕ: ਖੇਤੀਬਾੜੀ ਮੰਤਰੀ ਖੁੱਡੀਆਂ
ਚੰਡੀਗੜ੍ਹ,-ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਤਿਆਰ ਕੀਤੇ ‘ਡਰਾਫਟ ਬੀਜ ਬਿੱਲ 2025’ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਰਾਜਾਂ ਦੀਆਂ ਸੰਵਿਧਾਨਕ ਸ਼ਕਤੀਆਂ ਨੂੰ ਕਮਜ਼ੋਰ ਕਰਦਾ ਹੈ ਅਤੇ ਸੂਬੇ ਦੇ ਹਿੱਤਾਂ ਲਈ ਘਾਤਕ ਸਾਬਤ ਹੋ ਸਕਦਾ ਹੈ।
ਮੰਤਰੀ ਖੁੱਡੀਆਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਖੇਤੀਬਾੜੀ ਰਾਜਾਂ ਦਾ ਵਿਸ਼ਾ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੋਣ ਦੇ ਨਾਤੇ ਆਪਣੀ ਆਰਥਿਕਤਾ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਲਈ ਇਸ ਖੇਤਰ ’ਤੇ ਪੂਰੀ ਤਰ੍ਹਾਂ ਨਿਰਭਰ ਕਰਦਾ ਹੈ।
ਉਨ੍ਹਾਂ ਆਰੋਪ ਲਗਾਇਆ ਕਿ ਪ੍ਰਸਤਾਵਿਤ ਬੀਜ ਬਿੱਲ ਰਾਹੀਂ ਬੀਜ ਖੇਤਰ ਨਾਲ ਸੰਬੰਧਤ ਨਿਯਮਕ ਅਧਿਕਾਰਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਰਾਜ ਸਰਕਾਰਾਂ ਦੀ ਭੂਮਿਕਾ ਸੀਮਤ ਹੋ ਜਾਵੇਗੀ।
ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ਇਹ ਕਦਮ ਨਾ ਸਿਰਫ਼ ਸੰਘੀ ਢਾਂਚੇ ਦੇ ਖ਼ਿਲਾਫ਼ ਹੈ, ਸਗੋਂ ਕਿਸਾਨਾਂ ਦੇ ਹਿੱਤਾਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਰਾਜ ਦੇ ਅਧਿਕਾਰਾਂ ਦੀ ਰੱਖਿਆ ਲਈ ਹਰ ਮੰਚ ’ਤੇ ਆਪਣੀ ਆਵਾਜ਼ ਉਠਾਏਗੀ।
















