ਡਾ. ਦਲਜੀਤ ਸਿੰਘ ਚੀਮਾ ਦਾ ਦਾਅਵਾ, ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਰਹਿੰਦਿਆਂ ਗਲਤ ਫੈਸਲੇ ਲੈਣ ਦੀ ਕੀਤੀ ਕਬੂਲੀਅਤ
ਸ੍ਰੀ ਆਨੰਦਪੁਰ ਸਾਹਿਬ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਇਹ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਜਥੇਦਾਰ ਦੇ ਅਹੁਦੇ ’ਤੇ ਰਹਿੰਦਿਆਂ ਕੁਝ ਗਲਤ ਫੈਸਲੇ ਰਾਜਨੀਤਿਕ ਪ੍ਰਭਾਵ ਹੇਠ ਲਏ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਲਏ ਗਏ ਫੈਸਲੇ ਰਾਜਨੀਤਿਕ ਦਬਾਅ ਹੇਠ ਸਨ, ਜਿਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਆਪਣੇ ਇੰਟਰਵਿਊ ਵਿੱਚ ਸੰਕੇਤਕ ਤੌਰ ’ਤੇ ਕਬੂਲੀਅਤ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਫ਼ਸੀਲ ਦੀ ਗਲਤ ਵਰਤੋਂ ਕੀਤੀ ਗਈ।
ਡਾ. ਚੀਮਾ ਨੇ ਕਿਹਾ ਕਿ ਇਸ ਮਸਲੇ ਬਾਰੇ ਪਹਿਲਾਂ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਭੋਗ ਸਮਾਗਮ ਦੌਰਾਨ ਸਟੇਜ ਤੋਂ ਦੱਸਿਆ ਗਿਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਢੀਂਡਸਾ ਸਾਹਿਬ ਦੇ ਨਿਵਾਸ ’ਤੇ ਬੁਲਾ ਕੇ ਇਹ ਮਾਮਲੇ ਵਿਚਾਰੇ ਗਏ ਸਨ। ਉਨ੍ਹਾਂ ਅਨੁਸਾਰ, ਇਹ ਸਾਰਾ ਪ੍ਰਕਿਰਿਆ ਰਾਜਨੀਤਿਕ ਦਖ਼ਲਅੰਦਾਜ਼ੀ ਦਾ ਨਤੀਜਾ ਸੀ।
ਸੂਬਾ ਸਰਕਾਰ ਦੀ ਆਲੋਚਨਾ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੋਜ਼ਗਾਰੀ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਬੇਅਦਬੀ ਦੇ ਮਸਲੇ ’ਤੇ ਸਿਆਸਤ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਅਤੇ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡਾ. ਚੀਮਾ ਨੇ ਕਿਹਾ ਕਿ ਬੰਗਾ ਸਥਿਤ ਨਾਭਾ ਕੰਵਲ ਸਾਹਿਬ ਗੁਰਦੁਆਰਾ ਸਾਹਿਬ ਤੋਂ 169 ਪਾਵਨ ਸਰੂਪਾਂ ਦੀ ਬਰਾਮਦਗੀ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਗਲਤ ਸਾਬਤ ਹੋਇਆ ਅਤੇ ਸੰਗਤ ਦੇ ਵਿਰੋਧ ਮਗਰੋਂ ਸਰਕਾਰ ਨੂੰ ਇਸ ਮਾਮਲੇ ਵਿੱਚ ਮਾਫ਼ੀ ਮੰਗਣੀ ਪਈ।
ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਦੇ ਮਸਲੇ ’ਤੇ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਦੇਸ਼ ਵਿੱਚ ਇੱਕੋ ਸੰਵਿਧਾਨ ਅਤੇ ਇੱਕੋ ਕਾਨੂੰਨ ਲਾਗੂ ਹੁੰਦਾ ਹੈ। ਜੇਕਰ ਗੰਭੀਰ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਮਿਲ ਸਕਦੀ ਹੈ ਤਾਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਨੂੰ ਵੀ ਪੈਰੋਲ ਮਿਲਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ।
ਇਸ ਤੋਂ ਇਲਾਵਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣੀ ਸਮਝੌਤੇ ਬਾਰੇ ਬਿਆਨ ’ਤੇ ਟਿੱਪਣੀ ਕਰਦਿਆਂ ਡਾ. ਚੀਮਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੀਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਬਿੱਟੂ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ ਅਤੇ ਨਵੇਂ-ਨਵੇਂ ਭਾਜਪਾ ਵਿੱਚ ਸ਼ਾਮਲ ਹੋ ਕੇ ਪਾਰਟੀ ਦੇ ਉਹਨਾਂ ਸੀਨੀਅਰ ਆਗੂਆਂ ਨੂੰ ਜਲੀਲ ਕਰ ਰਹੇ ਹਨ, ਜੋ ਪਹਿਲਾਂ ਅਕਾਲੀ-ਭਾਜਪਾ ਸਰਕਾਰਾਂ ਵਿੱਚ ਕੈਬਨਿਟ ਦਾ ਹਿੱਸਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਇਸ ਮਾਮਲੇ ’ਤੇ ਬਿੱਟੂ ਤੋਂ ਜਵਾਬ ਜ਼ਰੂਰ ਮੰਗਣਾ ਚਾਹੀਦਾ ਹੈ।
















