ਦੁਨੀਆ ਭਰ ਦੇ ਲੋਕਾਂ ਨੇ ਪੰਜਾਬ ਦੇ ਲੋਕਾਂ ਤੋਂ ਸਿੱਖੀ ਲੰਗਰ ਸੇਵਾ ਦੀ ਕਲਾ: ਰਾਸ਼ਟਰਪਤੀ ਮੁਰਮੂ
ਮੋਹਾਲੀ-ਭਾਰਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ’ਤੇ ਹਨ, ਨੇ ਮੋਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਨਾਗਰਿਕ ਸਵਾਗਤ ਸਮਾਰੋਹ ਵਿੱਚ ਸ਼ਿਰਕਤ ਕੀਤੀ। ਜਾਣਕਾਰੀ ਮੁਤਾਬਕ ਇਸ ਮੌਕੇ ਉਹਨਾਂ ਕਿਹਾ ਕਿ ਪੂਰਾ ਦੇਸ਼ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਸੇਵਾ ਅਤੇ ਰਾਸ਼ਟਰ ਪ੍ਰਤੀ ਸਮਰਪਣ ਲਈ ਪਿਆਰ ਕਰਦਾ ਹੈ। ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਲੰਗਰ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਲੋਕਾਂ ਲਈ ਖੁੱਲ੍ਹਾ ਹੈ; ਦੁਨੀਆ ਭਰ ਦੇ ਲੋਕਾਂ ਨੇ ਪੰਜਾਬ ਦੇ ਲੋਕਾਂ ਤੋਂ ਲੰਗਰ ਸੇਵਾ ਦੀ ਕਲਾ ਸਿੱਖੀ ਹੈ।
ਜ਼ਿਕਰਯੋਗ ਹੈ ਰਾਸ਼ਟਰਪਤੀ ਨੇ ਹਥਿਆਰਬੰਦ ਸੈਨਾਵਾਂ ਵਿੱਚ ਪੰਜਾਬ ਦੇ ਸੈਨਿਕਾਂ ਦੇ ਯੋਗਦਾਨ ਨੂੰ ਵੀ ਸਵੀਕਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਅਸਾਧਾਰਨ ਸ਼ਖਸੀਅਤਾਂ ਨੂੰ ਜਨਮ ਦਿੱਤਾ ਹੈ ਜਿਨ੍ਹਾਂ ਨੇ ਸਮਾਜ ਸੁਧਾਰ, ਸਿੱਖਿਆ, ਵਿਗਿਆਨ ਅਤੇ ਤਕਨਾਲੋਜੀ, ਉਦਯੋਗ, ਖੇਡਾਂ, ਰਾਜਨੀਤੀ ਅਤੇ ਸਮਾਜ ਸੇਵਾ ਵਰਗੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੰਜਾਬ ਨੇ ਭਾਰਤੀ ਖੇਤੀਬਾੜੀ ਦੇ ਵਿਕਾਸ ਵਿੱਚ ਵੀ ਮੋਹਰੀ ਭੂਮਿਕਾ ਨਿਭਾਈ ਹੈ।
ਇਸ ਮੌਕੇ ਰਾਸ਼ਟਰਪਤੀ ਦਾ ਸਵਾਗਤ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਦਿਨ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਆਪਣੀ ਫੇਰੀ ਦੌਰਾਨ, ਰਾਸ਼ਟਰਪਤੀ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦਾ ਅਨੁਭਵ ਕਰਨਗੇ ਅਤੇ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨਗੇ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਆ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਅਤੇ ਕਈ ਵਿਧਾਇਕ ਮੌਜੂਦ ਸਨ।
















