ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਘੌਰ ਬੇਇਨਸਾਫ਼ੀ: ਐਡਵੋਕੇਟ ਧਾਮੀ
ਅੰਮ੍ਰਿਤਸਰ: ਨਵੰਬਰ 1984 ਦੌਰਾਨ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਕਰਾਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਲਈ ਇਹ ਫੈਸਲਾ ਮਾਨਸਿਕ ਤੌਰ ’ਤੇ ਗਹਿਰੀ ਸੱਟ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਪੀੜਤਾਂ ਦੀ ਪੀੜਾ ਇਸ ਫੈਸਲੇ ਨਾਲ ਹੋਰ ਵਧ ਗਈ ਹੈ।
ਉਨ੍ਹਾਂ ਆਖਿਆ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਇਤਿਹਾਸ ਵਿੱਚ ਇੱਕ ਕਰੂਰ ਘਟਨਾ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ ’ਤੇ ਸਿੱਖ ਭਾਈਚਾਰੇ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ। ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ ਚਾਰ ਦਹਾਕਿਆਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਏਨੀ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਅਦਾਲਤ ਵੱਲੋਂ ਆਇਆ ਇਹ ਫੈਸਲਾ ਨਾ ਸਿਰਫ਼ ਪੀੜਤ ਪਰਿਵਾਰਾਂ ਲਈ, ਸਗੋਂ ਸਮੁੱਚੀ ਸਿੱਖ ਕੌਮ ਲਈ ਵੀ ਨਿਰਾਸ਼ਾਜਨਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦਾ ਸਾਫ਼ ਤੌਰ ’ਤੇ ਦੋਸ਼ੀ ਹੈ ਅਤੇ ਉਹ ਪਹਿਲਾਂ ਹੀ ਇੱਕ ਹੋਰ ਮਾਮਲੇ ਵਿੱਚ ਸਜ਼ਾ ਭੁਗਤ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਸਜ਼ਾ ਤੋਂ ਬਚ ਜਾਣਾ ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ ਖੜੇ ਕਰਦਾ ਹੈ ਅਤੇ ਇਹ ਪੀੜਤਾਂ ਲਈ ਦੁਖਦਾਈ ਤੇ ਨਿਰਾਸ਼ਾਜਨਕ ਹੈ।
















