ਪੁਣਛ ’ਚ ਹੋਏ ਪਾਕਿਸਤਾਨੀ ਹਮਲੇ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ- ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਸਿੱਖਾਂ ਅਤੇ ਹੋਰ ਲੋਕਾਂ ਦੇ ਕਤਲੇਆਮ ਅਤੇ ਇੱਕ ਦੂਜੇ ’ਤੇ ਹਮਲਿਆਂ ਅਤੇ ਗੁਰਦੁਆਰਾ ਸਾਹਿਬ ’ਤੇ ਹਮਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿੰਦਾ ਕੀਤੀ ਹੈ। ਜਾਣਕਾਰੀ ਮੁਤਾਬਕ ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਬਦਲੇ ਵਿੱਚ ਪੁਣਛ ਵਿੱਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਂਟਰਲ ’ਤੇ ਹਮਲਾ ਕੀਤਾ ਗਿਆ ਸੀ। ਇਸ ਸਮੇਂ ਦੌਰਾਨ ਤਿੰਨ ਗੁਰੂ ਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਸ਼ਹੀਦ ਹੋ ਗਏ। ਇਸ ਤੋਂ ਇਲਾਵਾ, ਮਨਕੋਟ ਇਲਾਕੇ ਵਿੱਚ ਇੱਕ ਸਿੱਖ ਔਰਤ ਰੂਬੀ ਕੌਰ ਦੇ ਕਤਲ ਦੀ ਜਾਣਕਾਰੀ ਹੈ। ਇਸ ਸਮੇਂ ਦੌਰਾਨ ਪੁਣਛ ਵਿੱਚ ਹੋਰ ਲੋਕਾਂ ਦੇ ਮਾਰੇ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜਥੇਦਾਰ ਗੜਗੱਜ ਨੇ ਪੁਣਛ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦੀ ਤਾਕਤ ਦੇਣ ਲਈ ਅਰਦਾਸ ਵੀ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਗੰਭੀਰ ਯਤਨ ਕਰਨੇ ਚਾਹੀਦੇ ਹਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਰਹੱਦ ’ਤੇ ਰਹਿਣ ਵਾਲੇ ਲੋਕਾਂ ਨੂੰ ਇਸ ਤਣਾਅਪੂਰਨ ਸਥਿਤੀ ਵਿੱਚ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਗੁਰਬਾਣੀ ਦਾ ਆਸਰਾ ਲੈ ਕੇ ਆਪਣੀ ਹਿੰਮਤ ਬਣਾਈ ਰੱਖਣੀ ਚਾਹੀਦੀ ਹੈ ਅਤੇ ਸ਼ਾਂਤੀ ਦੀ ਬਹਾਲੀ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨੀ ਚਾਹੀਦੀ ਹੈ। ਜਥੇਦਾਰ ਗੜਗੱਜ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਇਸ ਇਲਾਕੇ ਵਿੱਚ ਹਮੇਸ਼ਾ ਸ਼ਾਂਤੀ ਬਣੀ ਰਹੇ।
















