ਪ੍ਰਤਾਪ ਬਾਜਵਾ ਵੱਲੋਂ ਆਡਿਟ ਰਿਪੋਰਟ ਜਾਰੀ ਕਰਨ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਡਿਟ ਰਿਪੋਰਟ ਤੁਰੰਤ ਜਾਰੀ ਕਰਨ ਦੀ ਮੰਗ ਕਰਦੇ ਹੋਏ ਰਾਜਪਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਰਿਪੋਰਟ ਜਾਰੀ ਨਹੀਂ ਹੁੰਦੀ, ਤਦੋਂ ਤੱਕ ਰਾਜ ਦੀ ਅਸਲ ਵਿੱਤੀ ਸਥਿਤੀ ਸਾਹਮਣੇ ਨਹੀਂ ਆ ਸਕਦੀ।
ਮੀਟਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਡਿਟ ਰਿਪੋਰਟ ਅਜੇ ਤੱਕ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਵਿੱਤੀ ਹਾਲਤ ‘ਤੇ ਨਿਗਰਾਨੀ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਚਾਈ ਉਦੋਂ ਹੀ ਸਾਹਮਣੇ ਆਵੇਗੀ ਜਦੋਂ ਆਡਿਟ ਰਿਪੋਰਟ ਜਨਤਕ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਹਿਲਾਂ ਕੁਲਤਾਰ ਸਿੰਘ ਸੰਧਵਾ ਪਬਲਿਕ ਅਕਾਊਂਟਸ ਕਮੇਟੀ ਦੇ ਚੇਅਰਮੈਨ ਰਹੇ ਹਨ ਅਤੇ ਇਸ ਵਾਰ ਬਰਿੰਦਰ ਮੀਤ ਪਹਾੜਾ ਨੂੰ ਵਿਰੋਧੀ ਪੱਖ ਵੱਲੋਂ ਸਮਰਥਨ ਮਿਲਿਆ ਸੀ, ਪਰ ਉਨ੍ਹਾਂ ਨੂੰ ਨਿਯੁਕਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਡਿਟ ਰਿਪੋਰਟ ਤਿਆਰ ਨਾ ਹੋਣ ਕਾਰਨ ਸਰਕਾਰ ਦੇ ਦਾਅਵਿਆਂ ਦੀ ਜਾਂਚ ਕਰਨਾ ਮੁਸ਼ਕਲ ਹੋ ਗਿਆ ਹੈ ਅਤੇ ਲੱਗਦਾ ਹੈ ਕਿ ਸਰਕਾਰ ਆਡਿਟ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੋ ਸਾਲਾਂ ਦੀਆਂ ਆਡਿਟ ਰਿਪੋਰਟਾਂ ਪਹਿਲਾਂ ਹੀ ਜਾਰੀ ਹੋ ਚੁੱਕੀਆਂ ਹਨ, ਜਦਕਿ ਤੀਜੀ ਰਿਪੋਰਟ ਅਜੇ ਜਾਰੀ ਹੋਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੂਰੇ ਲੇਖੇ-ਜੋਖੇ ਜਾਰੀ ਨਹੀਂ ਹੁੰਦੇ, ਤਦ ਤੱਕ ਰਾਜ ਦੀ ਵਿੱਤੀ ਸਥਿਤੀ ਨੂੰ ਸਮਝਣਾ ਮੁਸ਼ਕਲ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅੰਕੜੇ ਤਾਂ ਦਿਖਾ ਰਹੀ ਹੈ ਪਰ ਪੂਰੀ ਸੱਚਾਈ ਸਾਹਮਣੇ ਨਹੀਂ ਲਿਆ ਰਹੀ। ਇਸ ਲਈ ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਆਡਿਟ ਰਿਪੋਰਟ ਜਲਦੀ ਤੋਂ ਜਲਦੀ ਜਾਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਹ ਕੱਲ੍ਹ ਸਦਨ ਵਿੱਚ ਵੀ ਉਠਾਉਣਗੇ।
ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਸੁਰੱਖਿਆ ਬਾਰੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਸੈਸ਼ਨ ਦੇ ਪਹਿਲੇ ਦਿਨ ਕੁਝ ਲੋਕ ਬਿਨਾਂ ਸੁਰੱਖਿਆ ਜਾਂਚ ਦੇ ਅੰਦਰ ਦਾਖਲ ਹੋ ਗਏ, ਜੋ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹਥਿਆਰ ਲੈ ਕੇ ਅੰਦਰ ਆ ਜਾਂਦਾ ਤਾਂ ਵੱਡੀ ਘਟਨਾ ਵੀ ਵਾਪਰ ਸਕਦੀ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਧਮਕੀ ਭਰੀਆਂ ਈਮੇਲਾਂ ਮਿਲਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ, ਜਿਸ ਕਾਰਨ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
















