ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਤਾਪਮਾਨ 45 ਡਿਗਰੀ ਦੇ ਨੇੜੇ

ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਤਾਪਮਾਨ 45 ਡਿਗਰੀ ਦੇ ਨੇੜੇ

ਚੰਡੀਗੜ੍ਹ-ਪੰਜਾਬ ਵਿੱਚ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ, ਜਦਕਿ ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਕਰੀਬ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 44.8 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਇਸ ਤੋਂ ਇਲਾਵਾ ਫਰੀਦਕੋਟ ਵਿੱਚ 42.5 ਡਿਗਰੀ, ਫਾਜ਼ਿਲਕਾ ਵਿੱਚ 42.2 ਡਿਗਰੀ, ਲੁਧਿਆਣਾ ਵਿੱਚ 42 ਡਿਗਰੀ, ਪਟਿਆਲਾ ਵਿੱਚ 41.6 ਡਿਗਰੀ ਅਤੇ ਅੰਮ੍ਰਿਤਸਰ ਵਿੱਚ 40.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦੋ ਤੋਂ ਤਿੰਨ ਦਿਨ ਲੋਕਾਂ ਨੂੰ ਤਿੱਖੀ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 8 ਅਤੇ 9 ਜੂਨ ਲਈ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਖਤਰਾ ਵੱਧ ਦੱਸਿਆ ਗਿਆ ਹੈ।

ਇਸ ਤੋਂ ਇਲਾਵਾ 10 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਮੋਹਾਲੀ, ਲੁਧਿਆਣਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਗਰਮੀ ਦਾ ਪ੍ਰਭਾਵ ਹੋਰ ਵੱਧ ਸਕਦਾ ਹੈ।ਹਾਲਾਂਕਿ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਵੀ ਹੈ। ਮੌਸਮ ਵਿਭਾਗ ਦੇ ਮੁਤਾਬਕ 11 ਜੂਨ ਤੋਂ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ—ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ—ਵਿੱਚ ਬੱਦਲਵਾਈ, ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ਵਿੱਚ ਹਲਕੀ ਕਮੀ ਆ ਸਕਦੀ ਹੈ।ਡਾਕਟਰਾਂ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।