ਪੰਜਾਬ ਦੇ ਪ੍ਰਾਈਵੇਟ ਸਕੂਲਾਂ 'ਤੇ ਸਰਕਾਰ ਦਾ ਸ਼ਿਕੰਜਾ, ਹੁਣ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ

ਪੰਜਾਬ ਦੇ ਪ੍ਰਾਈਵੇਟ ਸਕੂਲਾਂ 'ਤੇ ਸਰਕਾਰ ਦਾ ਸ਼ਿਕੰਜਾ, ਹੁਣ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ

ਚੰਡੀਗੜ੍ਹ-ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਕੀਤੇ ਜਾਂਦੇ ਫੀਸ ਵਾਧੇ 'ਤੇ ਹੁਣ ਰੋਕ ਲੱਗ ਗਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026' ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲ ਹੁਣ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਇੱਕ ਸਾਲ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕਦਮ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਲਈ ਚੁੱਕਿਆ ਗਿਆ ਹੈ। ਉਨ੍ਹਾਂ ਰਾਜਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਪਰਿਵਾਰਾਂ 'ਤੇ ਪੈਣ ਵਾਲਾ ਵਾਧੂ ਆਰਥਿਕ ਬੋਝ ਘਟਾਉਣ ਲਈ ਵਚਨਬੱਧ ਹੈ।

ਸਰਕਾਰ ਮੁਤਾਬਕ ਪਿਛਲੇ ਕਈ ਸਾਲਾਂ ਤੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਧਾਉਣ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਸਨ। ਕਈ ਸਕੂਲ ਮੌਜੂਦਾ ਨਿਯਮਾਂ ਦੀਆਂ ਕਮੀਆਂ ਦਾ ਲਾਭ ਚੁੱਕਦੇ ਹੋਏ ਹਰ ਸਾਲ ਵੱਡੇ ਪੱਧਰ 'ਤੇ ਫੀਸ ਵਧਾ ਰਹੇ ਸਨ, ਜਿਸ ਕਾਰਨ ਮਾਪਿਆਂ 'ਤੇ ਵਾਧੂ ਵਿੱਤੀ ਬੋਝ ਪੈ ਰਿਹਾ ਸੀ। ਇਸੇ ਨੂੰ ਰੋਕਣ ਲਈ ਸਰਕਾਰ ਵੱਲੋਂ ਇਹ ਆਰਡੀਨੈਂਸ ਲਿਆਂਦਾ ਗਿਆ ਹੈ।

ਨਵੇਂ ਨਿਯਮਾਂ ਅਨੁਸਾਰ ਹੁਣ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਇੱਕ ਅਕਾਦਮਿਕ ਸਾਲ ਦੌਰਾਨ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਸੀਮਾ ਸਿਰਫ਼ ਟਿਊਸ਼ਨ ਫੀਸ ਤੱਕ ਹੀ ਸੀਮਿਤ ਨਹੀਂ ਰਹੇਗੀ, ਸਗੋਂ ਬਿਲਡਿੰਗ ਫੰਡ, ਡਿਵੈਲਪਮੈਂਟ ਫੰਡ, ਸਾਲਾਨਾ ਚਾਰਜ ਅਤੇ ਹੋਰ ਲਾਜ਼ਮੀ ਫੀਸਾਂ ਵੀ ਇਸ ਵਿੱਚ ਸ਼ਾਮਲ ਹੋਣਗੀਆਂ। ਭਾਵ, ਕੁੱਲ ਫੀਸ ਵਿੱਚ ਵਾਧਾ 5 ਫੀਸਦੀ ਤੋਂ ਵੱਧ ਨਹੀਂ ਹੋ ਸਕੇਗਾ।

ਜੇਕਰ ਕੋਈ ਸਕੂਲ ਵਿਸ਼ੇਸ਼ ਹਾਲਾਤਾਂ ਕਾਰਨ 5 ਫੀਸਦੀ ਤੋਂ ਵੱਧ ਫੀਸ ਵਧਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਘੱਟੋ-ਘੱਟ ਛੇ ਮਹੀਨੇ ਪਹਿਲਾਂ ਸਰਕਾਰ ਕੋਲ ਅਰਜ਼ੀ ਦੇਣੀ ਹੋਵੇਗੀ। ਇਸ ਅਰਜ਼ੀ ਦੀ ਜਾਂਚ ਡਿਵੀਜ਼ਨਲ ਕਮਿਸ਼ਨਰ, ਦੋ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਇੱਕ ਵਿੱਤੀ ਮਾਹਿਰ ਦੀ ਕਮੇਟੀ ਕਰੇਗੀ। ਸਕੂਲ ਦਾ ਵਿੱਤੀ ਆਡਿਟ ਹੋਣ ਤੋਂ ਬਾਅਦ ਹੀ ਕਮੇਟੀ ਫ਼ੈਸਲਾ ਲਵੇਗੀ ਕਿ ਫੀਸ ਵਾਧਾ ਜਾਇਜ਼ ਹੈ ਜਾਂ ਨਹੀਂ। ਸਿਰਫ਼ ਅਰਜ਼ੀ ਦੇਣ ਨਾਲ ਆਪਣੇ-ਆਪ ਮਨਜ਼ੂਰੀ ਨਹੀਂ ਮਿਲੇਗੀ।

ਆਰਡੀਨੈਂਸ ਵਿੱਚ ਮਾਪਿਆਂ ਦੇ ਹੱਕਾਂ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਜੇਕਰ ਕਿਸੇ ਸਕੂਲ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਮਨਜ਼ੂਰੀ ਮਿਲਦੀ ਹੈ ਤਾਂ ਉਸ ਨੂੰ ਪਹਿਲਾਂ ਮਾਪਿਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰਨਾ ਲਾਜ਼ਮੀ ਹੋਵੇਗਾ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ 36 ਮਹੀਨਿਆਂ ਦੌਰਾਨ 15 ਫੀਸਦੀ ਤੋਂ ਵੱਧ ਫੀਸ ਵਸੂਲੀ ਹੈ, ਉਨ੍ਹਾਂ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਇਸ ਪੂਰੀ ਪ੍ਰਕਿਰਿਆ 'ਤੇ ਸਰਕਾਰ ਨਿਗਰਾਨੀ ਰੱਖੇਗੀ।

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਪ੍ਰਾਇਮਰੀ ਸਕੂਲਾਂ ਲਈ ਪਹਿਲੀ ਉਲੰਘਣਾ 'ਤੇ 50 ਹਜ਼ਾਰ ਅਤੇ ਦੂਜੀ ਵਾਰ ਇੱਕ ਲੱਖ ਰੁਪਏ ਜੁਰਮਾਨਾ ਲੱਗੇਗਾ। ਮਿਡਲ ਸਕੂਲਾਂ ਲਈ ਪਹਿਲੀ ਵਾਰ ਇੱਕ ਲੱਖ ਅਤੇ ਦੂਜੀ ਵਾਰ ਤਿੰਨ ਲੱਖ ਰੁਪਏ ਜੁਰਮਾਨਾ ਹੋਵੇਗਾ। ਜਦਕਿ ਸੀਨੀਅਰ ਸੈਕੰਡਰੀ ਸਕੂਲਾਂ ਲਈ ਪਹਿਲੀ ਉਲੰਘਣਾ 'ਤੇ ਦੋ ਲੱਖ ਅਤੇ ਦੂਜੀ ਵਾਰ ਪੰਜ ਲੱਖ ਰੁਪਏ ਜੁਰਮਾਨੇ ਦੇ ਨਾਲ ਮਾਨਤਾ ਜਾਂ ਰਜਿਸਟ੍ਰੇਸ਼ਨ ਵੀ ਰੱਦ ਕੀਤੀ ਜਾ ਸਕਦੀ ਹੈ।ਇਹ ਨਵੇਂ ਨਿਯਮ ਪੰਜਾਬ ਦੇ ਸਾਰੇ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਣਗੇ, ਜਿਨ੍ਹਾਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB), CBSE, ICSE ਅਤੇ ਹੋਰ ਸਿੱਖਿਆ ਬੋਰਡਾਂ ਨਾਲ ਸੰਬੰਧਿਤ ਸਕੂਲ ਵੀ ਸ਼ਾਮਲ ਹਨ।