ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 97 ਲੱਖ ਮਹਿਲਾ ਵੋਟਰਾਂ ’ਤੇ ਸਿਆਸੀ ਪਾਰਟੀਆਂ ਦੀ ਨਜ਼ਰ
Political parties in Punjab are intensifying their outreach to nearly 97 lakh women voters ahead of the upcoming Assembly elections.
ਪਟਿਆਲਾ-ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਮਹਿਲਾ ਵੋਟਰਾਂ ਨੂੰ ਆਪਣੇ ਨਾਲ ਜੋੜਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੂਬੇ ਦੀਆਂ ਲਗਭਗ 97 ਲੱਖ ਮਹਿਲਾ ਵੋਟਰਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪਾਰਟੀਆਂ ਦੇ ਮਹਿਲਾ ਵਿੰਗ ਹੁਣ ਸਿਰਫ਼ ਚੋਣ ਪ੍ਰਚਾਰ ਤੱਕ ਸੀਮਤ ਰਹਿਣ ਦੀ ਬਜਾਏ ਆਪਣੇ ਪੱਧਰ ’ਤੇ ਸਿਆਸੀ ਪ੍ਰੋਗਰਾਮ ਅਤੇ ਜ਼ਮੀਨੀ ਪੱਧਰ ’ਤੇ ਲੋਕ ਸੰਪਰਕ ਮੁਹਿੰਮਾਂ ਚਲਾ ਰਹੇ ਹਨ।
ਇਸ ਵਾਰ ਪੰਜਾਬ ਦੀ ਸਿਆਸਤ ਵਿੱਚ ਮਹਿਲਾਵਾਂ ਨਾਲ ਜੁੜੀਆਂ ਯੋਜਨਾਵਾਂ ਅਤੇ ਮੁੱਦੇ ਵਧੇਰੇ ਅਹਿਮੀਅਤ ਹਾਸਲ ਕਰ ਰਹੇ ਹਨ। ਇਸ ਕਾਰਨ ਸਿਆਸੀ ਪਾਰਟੀਆਂ ਦੇ ਮਹਿਲਾ ਵਿੰਗ ਆਪਣੀ ਵੱਖਰੀ ਪਛਾਣ ਬਣਾਉਣ ਅਤੇ ਮਹਿਲਾ ਵੋਟਰਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਅਕਾਲੀ ਦਲ ਵੱਲੋਂ ਇਸ ਦਿਸ਼ਾ ਵਿੱਚ ਵਿਸ਼ੇਸ਼ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵੱਲੋਂ ‘ਮਾਵਾਂ ਧੀਆਂ ਦੀ ਲਲਕਾਰ’ ਦੇ ਬੈਨਰ ਹੇਠ ਹੁਣ ਤੱਕ ਲਗਭਗ 40 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ।
ਇਨ੍ਹਾਂ ਰੈਲੀਆਂ ਦਾ ਮੁੱਖ ਮੁੱਦਾ ਨਸ਼ਿਆਂ ਦੀ ਸਮੱਸਿਆ ਹੈ। ਨਸ਼ਿਆਂ ਕਾਰਨ ਪਰਿਵਾਰਾਂ ਅਤੇ ਸਮਾਜ ਨੂੰ ਦਰਪੇਸ਼ ਮੁਸ਼ਕਲਾਂ ਵਿੱਚ ਮਹਿਲਾਵਾਂ ਨੂੰ ਵੀ ਆਰਥਿਕ ਅਤੇ ਸਮਾਜਿਕ ਤੌਰ ’ਤੇ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ। ਇਸੇ ਮੁੱਦੇ ਨੂੰ ਕੇਂਦਰ ਵਿੱਚ ਰੱਖ ਕੇ ਮਹਿਲਾਵਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਇਨ੍ਹਾਂ ਇਕੱਠਾਂ ਵਿੱਚ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕਰ ਰਹੇ ਹਨ।ਸਿਆਸੀ ਮਾਹਿਰਾਂ ਦੀ ਨਜ਼ਰ ਵਿੱਚ ਇਹ ਸਰਗਰਮੀਆਂ ਇਸ ਗੱਲ ਦਾ ਸੰਕੇਤ ਹਨ ਕਿ ਆਉਣ ਵਾਲੀਆਂ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਭੂਮਿਕਾ ਹੋਰ ਮਹੱਤਵਪੂਰਨ ਹੋ ਸਕਦੀ ਹੈ ਅਤੇ ਪਾਰਟੀਆਂ ਦੇ ਮਹਿਲਾ ਵਿੰਗ ਚੋਣ ਰਣਨੀਤੀ ਦਾ ਅਹਿਮ ਹਿੱਸਾ ਬਣ ਰਹੇ ਹਨ।














