ਪੰਜਾਬ ਵਿੱਚ ਚਾਰ ਦਿਨ ਭਾਰੀ ਮੀਂਹ ਦਾ ਯੈਲੋ ਅਲਰਟ

ਪੰਜਾਬ ਵਿੱਚ ਚਾਰ ਦਿਨ ਭਾਰੀ ਮੀਂਹ ਦਾ ਯੈਲੋ ਅਲਰਟ

ਚੰਡੀਗੜ੍ਹ-ਪੰਜਾਬ ਵਿੱਚ ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਵਿੱਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਤਾਪਮਾਨ ਵਿੱਚ ਕਰੀਬ 5 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।ਸੋਮਵਾਰ ਸਵੇਰੇ ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ। ਵਿਭਾਗ ਮੁਤਾਬਕ 10 ਜੁਲਾਈ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ 11 ਜੁਲਾਈ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਐਤਵਾਰ ਨੂੰ ਪੰਜਾਬ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਦੇ ਨੇੜੇ ਰਿਹਾ।

ਘੱਟੋ-ਘੱਟ ਤਾਪਮਾਨ ਵਿੱਚ 1.4 ਡਿਗਰੀ ਦੀ ਕਮੀ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਨਾਲੋਂ 1.8 ਡਿਗਰੀ ਵੱਧ ਰਿਹਾ। ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਠਿੰਡਾ ਵਿੱਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।ਅੰਮ੍ਰਿਤਸਰ 35.9, ਲੁਧਿਆਣਾ 36.4, ਪਟਿਆਲਾ 37.2, ਪਠਾਨਕੋਟ 35.5, ਗੁਰਦਾਸਪੁਰ 36.0, ਫਾਜ਼ਿਲਕਾ 39.0, ਫਿਰੋਜ਼ਪੁਰ 35.9, ਸੰਗਰੂਰ 35.8 ਅਤੇ ਰੂਪਨਗਰ 37.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੰਮ੍ਰਿਤਸਰ 29.2, ਲੁਧਿਆਣਾ 26.2, ਪਟਿਆਲਾ 26.7, ਪਠਾਨਕੋਟ 23.9, ਬਠਿੰਡਾ 30.8, ਫਰੀਦਕੋਟ 30.6, ਫਾਜ਼ਿਲਕਾ 29.2, ਫਿਰੋਜ਼ਪੁਰ 29.5 ਅਤੇ ਰੂਪਨਗਰ 27.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਦੌਰਾਨ ਸਾਵਧਾਨ ਰਹਿਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ 'ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।