ਪੰਜਾਬ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਕਿਸੇ ਵੀ ਸਰਕਾਰੀ ਭਰਤੀ ਜਾਂ ਮੁਕਾਬਲੇ ਦੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਇਆ ਮਾਮਲਾ ਪੇਪਰ ਲੀਕ ਨਹੀਂ, ਸਗੋਂ ਨਕਲ ਕਰਨ ਵਾਲੇ ਗਿਰੋਹ ਦਾ ਮਾਮਲਾ ਸੀ, ਜਿਸ 'ਤੇ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ।ਜ਼ੀਰਕਪੁਰ ਵਿੱਚ ਸਰਕਾਰੀ ਸਕੂਲਾਂ ਦੇ ਨੀਟ ਪ੍ਰੀਖਿਆ ਵਿੱਚ ਸਫ਼ਲ ਰਹੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਕੋਈ ਸਮਝੌਤਾ ਨਹੀਂ ਹੋਣ ਦੇਵੇਗੀ ਅਤੇ ਪੇਪਰ ਲੀਕ ਜਾਂ ਨਕਲ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

19 ਜੁਲਾਈ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਕੁਝ ਉਮੀਦਵਾਰਾਂ ਨੇ ਲੁਕਵੇਂ ਪੈਨ ਕੈਮਰੇ ਰਾਹੀਂ ਪ੍ਰਸ਼ਨ ਪੱਤਰ ਦੀਆਂ ਤਸਵੀਰਾਂ ਖਿੱਚ ਕੇ ਵਟਸਐਪ ਰਾਹੀਂ ਹਰਿਆਣਾ ਵਿੱਚ ਬੈਠੇ ਇੱਕ ਮੁੱਖ ਦੋਸ਼ੀ ਨੂੰ ਭੇਜੀਆਂ। ਉੱਥੋਂ ਬਲੂਟੂਥ ਇਅਰਪੀਸ ਅਤੇ ਹੋਰ ਲੁਕਵੇਂ ਵਾਇਰਲੈੱਸ ਉਪਕਰਣਾਂ ਦੀ ਮਦਦ ਨਾਲ ਚੁਣੇ ਹੋਏ ਉਮੀਦਵਾਰਾਂ ਤੱਕ ਉੱਤਰ ਪਹੁੰਚਾਏ ਗਏ।ਪੁਲਿਸ ਮੁਤਾਬਕ ਇਸ ਗਿਰੋਹ ਨੇ ਪ੍ਰੀਖਿਆ ਪਾਸ ਕਰਵਾਉਣ ਦੇ ਨਾਮ 'ਤੇ ਉਮੀਦਵਾਰਾਂ ਤੋਂ ₹3.5 ਲੱਖ ਤੋਂ ₹13 ਲੱਖ ਤੱਕ ਵਸੂਲੇ। ਇਸ ਮਾਮਲੇ ਵਿੱਚ ਹੁਣ ਤੱਕ 35 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਜਾਰੀ ਬਿਆਨ ਵਿੱਚ ਕਿਹਾ ਕਿ ਇਹ ਪੇਪਰ ਲੀਕ ਨਹੀਂ, ਸਗੋਂ ਨਕਲ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਨਕਲ ਕੀਤੀ, ਉਨ੍ਹਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਸੀ।ਬੈਂਸ ਨੇ ਸਪੱਸ਼ਟ ਕੀਤਾ ਕਿ ਇਹ ਭਰਤੀ ਪ੍ਰਕਿਰਿਆ ਸਿਹਤ ਵਿਭਾਗ ਅਧੀਨ ਸੀ, ਜਿਸ ਦੀ ਜ਼ਿੰਮੇਵਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕੋਲ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਕੈਬਨਿਟ ਦਾ ਮੈਂਬਰ ਹੋਣ ਦੇ ਨਾਤੇ ਉਹ ਆਪਣੀ ਸਾਂਝੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਦੇ।

ਹਰਜੋਤ ਬੈਂਸ ਨੇ ਕਿਹਾ ਕਿ ਉਹ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਹੱਕ ਵਿੱਚ ਹੋਏ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੇ ਇਕੱਲੇ ਮੌਜੂਦਾ ਸੂਬਾਈ ਸਿੱਖਿਆ ਮੰਤਰੀ ਸਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਅਸਤੀਫ਼ਾ ਸਿੱਖਿਆ ਪ੍ਰਣਾਲੀ ਨੂੰ ਸੁਧਾਰ ਸਕਦਾ ਹੈ ਤਾਂ ਉਹ ਇਸ ਲਈ ਵੀ ਤਿਆਰ ਹਨ, ਪਰ ਪੰਜਾਬ ਨੂੰ ਬਦਨਾਮ ਕਰਨ ਲਈ ਝੂਠੇ ਪੇਪਰ ਲੀਕ ਦੇ ਦੋਸ਼ ਨਹੀਂ ਲਗਾਏ ਜਾਣੇ ਚਾਹੀਦੇ।ਉਨ੍ਹਾਂ ਕਿਹਾ, "ਹੁਣ ਪੰਜਾਬ 'ਉੱਡਦਾ ਪੰਜਾਬ' ਨਹੀਂ, ਸਗੋਂ 'ਪੜ੍ਹਦਾ ਪੰਜਾਬ' ਬਣ ਰਿਹਾ ਹੈ।"

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 2022 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਦਾ ਨਤੀਜਾ ਦੱਸਿਆ।ਮੁੱਖ ਮੰਤਰੀ ਨੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਨੇ ਸਰਕਾਰ ਨੂੰ ਫ਼ੈਸਲਾ ਲੈਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਅਤੇ ਮੌਕੇ ਮਿਲਣ ਤਾਂ ਉਹ ਦੇਸ਼ ਦਾ ਭਵਿੱਖ ਬਦਲ ਸਕਦੇ ਹਨ।