ਪੰਜਾਬ ਸਰਕਾਰ 1,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਵੇਗੀ, ਸੂਬੇ ਦਾ ਕੁੱਲ ਕਰਜ਼ਾ 4 ਲੱਖ ਕਰੋੜ ਤੋਂ ਪਾਰ
ਚੰਡੀਗੜ੍ਹ-ਪੰਜਾਬ ਸਰਕਾਰ ਇੱਕ ਵਾਰ ਫਿਰ 1,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਜਾ ਰਹੀ ਹੈ। ਸੂਬੇ ਦੇ ਵਧਦੇ ਕਰਜ਼ੇ ਨੂੰ ਲੈ ਕੇ ਵਿੱਤੀ ਹਾਲਾਤਾਂ ਬਾਰੇ ਚਰਚਾ ਤੇਜ਼ ਹੋ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਕਰਜ਼ਾ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਨੂੰ ਜਾਰੀ ਰੱਖਣ ਲਈ ਲਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਨੇ 1,000 ਕਰੋੜ ਰੁਪਏ ਦੇ ਸਟੇਟ ਡਿਵੈਲਪਮੈਂਟ ਲੋਨ (State Development Loan) ਨੂੰ ਮੁੜ ਜਾਰੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਕਰਜ਼ਾ ਭਾਰਤੀ ਰਿਜ਼ਰਵ ਬੈਂਕ (RBI) ਰਾਹੀਂ 7.55 ਫ਼ੀਸਦੀ ਵਿਆਜ ਦਰ 'ਤੇ 7 ਸਾਲਾਂ ਲਈ ਲਿਆ ਜਾਵੇਗਾ।
ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਵਿੱਚ 2,800 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਉਪਲਬਧ ਅੰਕੜਿਆਂ ਅਨੁਸਾਰ ਪੰਜਾਬ ਦਾ ਕੁੱਲ ਕਰਜ਼ਾ ਪਿਛਲੇ ਕੁਝ ਸਾਲਾਂ ਦੌਰਾਨ ਲਗਾਤਾਰ ਵਧਿਆ ਹੈ:
2021-22: 2,82,870 ਕਰੋੜ ਰੁਪਏ, 2022-23: 3,12,028 ਕਰੋੜ ਰੁਪਏ, 2023-24: 3,43,626 ਕਰੋੜ ਰੁਪਏ, 2024-25: 3,74,406 ਕਰੋੜ ਰੁਪਏ, 2025-26: 4,17,136 ਕਰੋੜ ਰੁਪਏ
ਵਿੱਤੀ ਅੰਕੜਿਆਂ ਮੁਤਾਬਕ, ਸੂਬੇ ਦਾ ਕੁੱਲ ਕਰਜ਼ਾ ਹੁਣ 4 ਲੱਖ ਕਰੋੜ ਰੁਪਏ ਤੋਂ ਵੱਧ ਹੋ ਚੁੱਕਾ ਹੈ, ਜੋ ਪੰਜਾਬ ਦੇ ਕੁੱਲ ਰਾਜ ਘਰੇਲੂ ਉਤਪਾਦ (GSDP) ਦਾ ਲਗਭਗ 46 ਫ਼ੀਸਦੀ ਦੱਸਿਆ ਜਾ ਰਿਹਾ ਹੈ।
ਸੂਬੇ ਦੇ ਵਧਦੇ ਕਰਜ਼ੇ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ ਨੂੰ ਘੇਰ ਰਹੀ ਹੈ, ਜਦਕਿ ਸਰਕਾਰ ਦਾ ਦਾਅਵਾ ਹੈ ਕਿ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਅਤੇ ਜਨ-ਭਲਾਈ ਯੋਜਨਾਵਾਂ ਨੂੰ ਜਾਰੀ ਰੱਖਣ ਲਈ ਕਰਜ਼ਾ ਲੈਣਾ ਜ਼ਰੂਰੀ ਹੈ।
















