ਪੰਜਾਬ ਸਰਕਾਰ ਆਪਣੇ ਪੱਧਰ ’ਤੇ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਤੋਂ ਪੂਰੀ ਤਰ੍ਹਾਂ ਪਿੱਛੇ ਹਟੀ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਸਰਕਾਰ ਆਪਣੇ ਪੱਧਰ ’ਤੇ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਤੋਂ ਪੂਰੀ ਤਰ੍ਹਾਂ ਪਿੱਛੇ ਹਟੀ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ (ਰਿਵਾਈਵਡ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸੀਨੀਅਰ ਲੀਡਰਸ਼ਿਪ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਮਨਪ੍ਰੀਤ ਸਿੰਘ ਇਆਲੀ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਇਕਬਾਲ ਸਿੰਘ ਝੂੰਦਾਂ, ਜਸਟਿਸ ਨਿਰਮਲ ਸਿੰਘ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸਰਦਾਰ ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਰਦਾਰ ਚਰਨਜੀਤ ਸਿੰਘ ਬਰਾੜ, ਬੀਬੀ ਪਰਮਜੀਤ ਕੌਰ ਲਾਂਡਰਾਂ, ਸਰਦਾਰ ਅਜੈਪਾਲ ਸਿੰਘ ਬਰਾੜ ਅਤੇ ਗੁਰਜੀਤ ਸਿੰਘ ਤਲਵੰਡੀ ਮੌਜੂਦ ਸਨ। ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰਿਆਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਪਾਰਟੀ ਵੱਲੋਂ ਚਲਾਏ ਜਾ ਰਹੇ ਰਾਹਤ ਕੈਂਪਾਂ ਬਾਰੇ ਸੀਨੀਅਰ ਲੀਡਰਸ਼ਿਪ ਤੋਂ ਜਾਣਕਾਰੀ ਲਈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪੰਜਾਬ ਕੈਬਨਿਟ ਵੱਲੋਂ ਲਏ ਗਏ ਫੈਸਲਿਆਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅੱਜ ਪੀੜਤਾਂ ਦਾ ਹੱਥ ਫੜਨ ਤੋਂ ਪੂਰੀ ਤਰ੍ਹਾਂ ਭੱਜ ਗਈ ਹੈ। ਪੰਜਾਬ ਸਰਕਾਰ ਨੇ ਆਪਣੇ ਵੱਲੋਂ ਮੁਆਵਜ਼ੇ ਵਜੋਂ ਇੱਕ ਵੀ ਰੁਪਏ ਦਾ ਐਲਾਨ ਨਹੀਂ ਕੀਤਾ ਹੈ। ਜਿਸ ਪਰਿਵਾਰ ਦੇ ਮੈਂਬਰ ਦੀ ਮੌਤ ਹੋ ਗਈ ਹੈ, ਉਸ ਪਰਿਵਾਰ ਨੂੰ ਸਿਰਫ਼ 4 ਲੱਖ ਨਹੀਂ, ਸਗੋਂ ਘੱਟੋ-ਘੱਟ 20 ਲੱਖ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਸਰਕਾਰ ਨੇ ਆਪਣੇ ਕੋਟੇ ਵਿੱਚ ਸਿਰਫ਼ ਐਨਡੀਆਰਐਫ ਅਧੀਨ ਦਿੱਤੇ ਗਏ ਮੁਆਵਜ਼ੇ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਫ਼ਸਲਾਂ ਦੇ ਮੁਆਵਜ਼ੇ ’ਤੇ ਵੀ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਅਤੇ ਕਿਹਾ ਕਿ ਫ਼ਸਲਾਂ ਲਗਭਗ ਪੱਕ ਚੁੱਕੀਆਂ ਸਨ ਅਤੇ ਕਿਸਾਨ ਪਹਿਲਾਂ ਹੀ ਸਾਰੇ ਖਰਚੇ ਕਰ ਚੁੱਕਾ ਸੀ, ਇਸ ਲਈ ਕਿਸਾਨ ਨੂੰ ਫ਼ਸਲ ਦੀ ਪੂਰੀ ਕੀਮਤ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਸਵਾਲ ਵੀ ਉਠਾਇਆ ਕਿ ਖੇਤਾਂ ਵਿੱਚੋਂ ਰੇਤ ਕੱਢਣ ਲਈ ਦਸੰਬਰ ਤੱਕ ਦਾ ਸਮਾਂ ਕਿਉਂ ਦਿੱਤਾ ਗਿਆ ਹੈ? ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਲਈ ਬਿਨਾਂ ਕਿਸੇ ਸਮਾਂ ਸੀਮਾ ਅਤੇ ਸ਼ਰਤਾਂ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ।  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਜੇਕਰ ਅਗਲੇ ਕੁਝ ਦਿਨਾਂ ਵਿੱਚ ਪਾਣੀ ਦਾ ਪੱਧਰ ਘੱਟ ਜਾਂਦਾ ਹੈ ਤਾਂ ਬਿਮਾਰੀਆਂ ਫੈਲਣ ਦੇ ਡਰੋਂ ਡਾਕਟਰੀ ਸਹੂਲਤਾਂ ਅਤੇ ਮੈਡੀਕਲ ਕਿੱਟਾਂ ਦੀ ਵਧੇਰੇ ਲੋੜ ਹੋਵੇਗੀ, ਨਾਲ ਹੀ ਕਿਸਾਨਾਂ ਲਈ ਡੀਜ਼ਲ, ਸਕੂਲੀ ਬੱਚਿਆਂ ਲਈ ਵਿਦਿਅਕ ਸਮੱਗਰੀ ਆਦਿ ਦੀ ਲੋੜ ਹੋਵੇਗੀ। ਸਾਰੇ ਆਗੂਆਂ ਨੂੰ ਇਲਾਕੇ ਦੇ ਹਿਸਾਬ ਨਾਲ ਮੰਗ ਅਨੁਸਾਰ ਸੂਚੀਆਂ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ ਤਾਂ ਜੋ ਪਾਰਟੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੰਗ ਅਨੁਸਾਰ ਸਾਮਾਨ ਮੁਹੱਈਆ ਕਰਵਾ ਸਕੇ। ਇਸ ਦੇ ਨਾਲ ਹੀ ਪਾਰਟੀ ਵੱਲੋਂ ਜਾਰੀ ਸਥਾਈ ਰਾਹਤ ਕੈਂਪਾਂ ਦੀ ਰਿਪੋਰਟ ’ਤੇ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ 10 ਸਤੰਬਰ ਨੂੰ ਹਰੀਕੇ, ਅਜਨਾਲਾ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਰਾਹਤ ਕੈਂਪਾਂ ਵਿੱਚ ਹੋਰ ਜ਼ਰੂਰੀ ਰਾਹਤ ਸਮੱਗਰੀ ਭੇਜੀ ਜਾ ਸਕੇ।