ਬੇਅਦਬੀ ਵਿਰੋਧੀ ਕਾਨੂੰਨ ਦੇ ਮਾਮਲੇ ’ਚ ਅਕਾਲ ਤਖ਼ਤ ਵੱਲੋਂ ਪੰਜਾਬ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਤਲਬ
ਅੰਮ੍ਰਿਤਸਰ/ਚੰਡੀਗੜ੍ਹ-ਅਕਾਲ ਤਖ਼ਤ ਸਾਹਿਬ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖ ਨੁਮਾਇੰਦਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਮੰਤਰੀ ਮੰਡਲ ਦੇ ਸਾਰੇ ਸਿੱਖ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।ਇਹ ਫ਼ੈਸਲਾ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਦੌਰਾਨ ਲਿਆ ਗਿਆ। ਸਿੰਘ ਸਾਹਿਬਾਨ ਨੇ ਕਿਹਾ ਕਿ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਤੋਂ ਇਹ ਸਪੱਸ਼ਟੀਕਰਨ ਮੰਗਿਆ ਜਾਵੇਗਾ ਕਿ ਉਨ੍ਹਾਂ ਨੇ ਅਜਿਹੇ ਕਾਨੂੰਨ ਦੀ ਹਮਾਇਤ ਕਿਉਂ ਕੀਤੀ, ਜਿਸ ਦਾ ਪੰਥਕ ਸੰਸਥਾਵਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖ ਪੰਥ ਨਾਲ ਕੋਈ ਸਲਾਹ-ਮਸ਼ਵਰਾ ਕੀਤੇ ਬਿਨਾਂ ਇਹ ਕਾਨੂੰਨ ਲਾਗੂ ਕੀਤਾ ਹੈ। ਉਨ੍ਹਾਂ ਯਾਦ ਦਿਵਾਇਆ ਕਿ 6 ਅਪਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਪੰਥਕ ਇਕੱਠ ਦੌਰਾਨ ਇਹ ਮਤਾ ਪਾਸ ਕੀਤਾ ਗਿਆ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਥਕ ਸੰਸਥਾਵਾਂ ਨਾਲ ਸਬੰਧਤ ਕੋਈ ਵੀ ਕਾਨੂੰਨ ਸਿੱਖ ਕੌਮ ਦੀਆਂ ਪ੍ਰਤੀਨਿਧ ਸੰਸਥਾਵਾਂ ਦੀ ਸਹਿਮਤੀ ਤੋਂ ਬਿਨਾਂ ਨਾ ਬਣਾਇਆ ਜਾਵੇ।ਜਥੇਦਾਰ ਨੇ ਕਿਹਾ ਕਿ ਇਸ ਮਤੇ ਦੇ ਬਾਵਜੂਦ ਪੰਜਾਬ ਮੰਤਰੀ ਮੰਡਲ ਨੇ 11 ਅਪਰੈਲ ਨੂੰ ਬਿੱਲ ਨੂੰ ਮਨਜ਼ੂਰੀ ਦਿੱਤੀ, ਜਦਕਿ 13 ਅਪਰੈਲ ਨੂੰ ਪੰਜਾਬ ਵਿਧਾਨ ਸਭਾ ਨੇ ਇਸ ਨੂੰ ਪਾਸ ਕਰ ਦਿੱਤਾ। ਬਾਅਦ ਵਿੱਚ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਵੀ ਮਿਲ ਗਈ।
ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਪੰਥ ਵੱਲੋਂ ਵਾਰ-ਵਾਰ ਇਹ ਚਿੰਤਾ ਜਤਾਈ ਜਾ ਰਹੀ ਹੈ ਕਿ ਇਹ ਕਾਨੂੰਨ ਰਵਾਇਤੀ ਪੰਥਕ ਸੰਸਥਾਵਾਂ ਦੇ ਅਧਿਕਾਰਾਂ ਅਤੇ ਖ਼ੁਦਮੁਖ਼ਤਿਆਰੀ ਨੂੰ ਪ੍ਰਭਾਵਿਤ ਕਰਦਾ ਹੈ।ਗਿਆਨੀ ਗੜਗੱਜ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਸਾਰੇ ਸਿੱਖ ਮੰਤਰੀਆਂ ਨੂੰ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਹਾਲਾਂਕਿ ਹਿੰਦੂ ਮੰਤਰੀਆਂ ਨੂੰ ਨਿੱਜੀ ਤੌਰ ’ਤੇ ਨਹੀਂ ਸੱਦਿਆ ਗਿਆ, ਸਗੋਂ ਉਨ੍ਹਾਂ ਤੋਂ ਲਿਖਤੀ ਜਵਾਬ ਮੰਗਿਆ ਗਿਆ ਹੈ।
ਅਕਾਲ ਤਖ਼ਤ ਸਾਹਿਬ ਵੱਲੋਂ ਪਿਛਲੇ ਮਹੀਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਸ ਕਾਨੂੰਨ ਸਬੰਧੀ ਇਤਰਾਜ਼ਾਂ ’ਤੇ 15 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ।ਜਥੇਦਾਰ ਅਨੁਸਾਰ ਅਜੇ ਤੱਕ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਇਸ ਲਈ ਹੁਣ ਸਾਰੇ ਸਿੱਖ ਵਿਧਾਇਕਾਂ ਨੂੰ ਵੀ ਤਲਬੀ ਨੋਟਿਸ ਜਾਰੀ ਕੀਤੇ ਗਏ ਹਨ।ਜਥੇਦਾਰ ਗੜਗੱਜ ਨੇ ਦੁਹਰਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਪੰਥ ਨਾਲ ਸਬੰਧਤ ਫ਼ੈਸਲੇ ਅਤੇ ਧਾਰਮਿਕ ਆਦੇਸ਼ ਸਿੱਖ ਧਾਰਮਿਕ ਸੰਸਥਾਵਾਂ ਵੱਲੋਂ ਹੀ ਆਉਣੇ ਚਾਹੀਦੇ ਹਨ, ਨਾ ਕਿ ਸਰਕਾਰਾਂ ਵੱਲੋਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕੌਮ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਇਨ੍ਹਾਂ ਦਾ ਢੁੱਕਵਾਂ ਹੱਲ ਕੱਢਣਾ ਲਾਜ਼ਮੀ ਹੈ।
















