‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਿਲਿਆ ਭਰਵਾਂ ਹੁੰਗਾਰਾ, 70 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ
ਚੰਡੀਗੜ੍ਹ-ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੀ ਗਿਣਤੀ 70 ਲੱਖ ਦਾ ਅੰਕੜਾ ਪਾਰ ਕਰ ਗਈ ਹੈ। ਸਰਕਾਰ ਵੱਲੋਂ ਹੁਣ ਤੱਕ 1,149.59 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ, ਜਦਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ।
ਸਰਕਾਰੀ ਜਾਣਕਾਰੀ ਅਨੁਸਾਰ ਜੂਨ ਮਹੀਨੇ ਵਿੱਚ ਕਰੀਬ 33 ਲੱਖ ਅਤੇ ਜੁਲਾਈ ਮਹੀਨੇ ਵਿੱਚ 37 ਲੱਖ ਤੋਂ ਵੱਧ ਔਰਤਾਂ ਨੇ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਈ। ਸਰਕਾਰ ਨੇ ਸ਼ੁਰੂ ਵਿੱਚ ਕਰੀਬ 52 ਲੱਖ ਲਾਭਪਾਤਰੀਆਂ ਦਾ ਟੀਚਾ ਰੱਖਿਆ ਸੀ, ਪਰ ਲੋਕਾਂ ਦੇ ਭਰਵੇਂ ਹੁੰਗਾਰੇ ਕਾਰਨ ਇਹ ਗਿਣਤੀ 70 ਲੱਖ ਤੋਂ ਵੀ ਉੱਪਰ ਪਹੁੰਚ ਗਈ ਹੈ।
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚੋਂ 66 ਹਲਕਿਆਂ ਵਿੱਚ 50 ਹਜ਼ਾਰ ਤੋਂ ਵੱਧ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਸਭ ਤੋਂ ਵੱਧ 87,460 ਰਜਿਸਟ੍ਰੇਸ਼ਨ ਜਲਾਲਾਬਾਦ ਹਲਕੇ ਵਿੱਚ ਹੋਈਆਂ ਹਨ, ਜਦਕਿ ਸਨੌਰ ਹਲਕਾ 84,111 ਰਜਿਸਟ੍ਰੇਸ਼ਨਾਂ ਨਾਲ ਦੂਜੇ ਸਥਾਨ 'ਤੇ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ 63,036 ਔਰਤਾਂ ਨੇ ਯੋਜਨਾ ਲਈ ਨਾਮ ਦਰਜ ਕਰਵਾਇਆ ਹੈ। ਦੂਜੇ ਪਾਸੇ ਲੁਧਿਆਣਾ ਪੱਛਮੀ ਹਲਕੇ ਵਿੱਚ ਸਭ ਤੋਂ ਘੱਟ 30,073 ਰਜਿਸਟ੍ਰੇਸ਼ਨ ਹੋਈਆਂ ਹਨ।
ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਨੇ 1 ਜੁਲਾਈ ਨੂੰ 32.96 ਲੱਖ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਪਹਿਲੀ ਕਿਸ਼ਤ ਜਮ੍ਹਾਂ ਕਰਵਾਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੁਲਾਈ ਦੌਰਾਨ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ 37 ਲੱਖ ਤੋਂ ਵੱਧ ਔਰਤਾਂ ਨੂੰ 1 ਅਗਸਤ ਨੂੰ ਤਿੰਨ ਮਹੀਨਿਆਂ ਦੀ ਸਹਾਇਤਾ ਰਾਸ਼ੀ ਇਕਮੁਸ਼ਤ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਯੋਗ ਔਰਤ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ, ਇਸ ਲਈ ਰਜਿਸਟ੍ਰੇਸ਼ਨ ਮੁਹਿੰਮ ਲਗਾਤਾਰ ਜਾਰੀ ਰਹੇਗੀ।
















