‘ਮੈਨੂੰ ਮੁੜ ਮੌਕਾ ਦਿਓ, ਖ਼ਜ਼ਾਨਾ ਫਿਰ ਖੋਲ੍ਹਾਂਗਾ’: ਡੇਰਾ ਬੱਲਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਿਆਸੀ ਸੁਨੇਹਾ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਪੰਜਾਬ ਦੇ ਵਿਕਾਸ ਅਤੇ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪ੍ਰਚਾਰ-ਪ੍ਰਸਾਰ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਉਦੇਸ਼ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ, ਮਨੁੱਖਤਾ ਅਤੇ ਬਰਾਬਰੀ ਦੇ ਸੰਦੇਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਅਧਿਐਨ, ਖੋਜ ਅਤੇ ਇਸ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਪਹੁੰਚਾਉਣ ਲਈ ਸਰੋਤਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਕਰੀਬ 10 ਏਕੜ ਜ਼ਮੀਨ ਵਿੱਚ ਬਣਨ ਵਾਲੇ ਇਸ ਅਧਿਐਨ ਕੇਂਦਰ ਵਿੱਚ ਤਿੰਨ ਮੰਜ਼ਿਲਾ ਪ੍ਰਸ਼ਾਸਨਿਕ ਇਮਾਰਤ, ਅਧਿਆਪਨ ਬਲਾਕ, ਲੜਕਿਆਂ ਅਤੇ ਲੜਕੀਆਂ ਲਈ ਵੱਖ-ਵੱਖ ਹੋਸਟਲ ਅਤੇ ਸਟਾਫ਼ ਲਈ ਰਿਹਾਇਸ਼ ਦੀ ਵਿਵਸਥਾ ਹੋਵੇਗੀ।ਕੇਂਦਰ ਵਿੱਚ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਦਾ ਅਧਿਐਨ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਡਿਗਰੀ ਪੱਧਰ ਦੇ ਕੋਰਸ ਵੀ ਕਰਵਾਏ ਜਾਣਗੇ।
ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਦੀ ਸਿਆਸਤ ਅਤੇ ਸੂਬੇ ਦੇ ਭਵਿੱਖ ਨੂੰ ਲੈ ਕੇ ਵੀ ਆਪਣਾ ਸਿਆਸੀ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਜਾਬ ਨੂੰ ਕੈਲੀਫੋਰਨੀਆ, ਲੰਡਨ ਜਾਂ ਪੈਰਿਸ ਬਣਾਉਣਾ ਨਹੀਂ, ਸਗੋਂ ਪੰਜਾਬ ਦੀ ਆਪਣੀ ਪਹਿਚਾਣ ਅਤੇ ਵਿਰਾਸਤ ਨੂੰ ਮਜ਼ਬੂਤ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਉਸ ਦੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜੀ ਹੋਣੀ ਚਾਹੀਦੀ ਹੈ। ਉਨ੍ਹਾਂ ਗੁਰੂ ਰਵਿਦਾਸ ਜੀ ਦੇ ਮਨੁੱਖਤਾ ਅਤੇ ਸਮਾਨਤਾ ਦੇ ਸੰਦੇਸ਼ ਨੂੰ ਸਮਾਜ ਲਈ ਅੱਜ ਵੀ ਮਹੱਤਵਪੂਰਨ ਦੱਸਿਆ।ਡੇਰਾ ਬੱਲਾਂ ਵਿਖੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਸਿਆਸੀ ਤੌਰ ’ਤੇ ਵੀ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੁੜ ਮੌਕਾ ਦਿੱਤਾ ਗਿਆ ਤਾਂ ਉਹ ਪੰਜਾਬ ਲਈ ਹੋਰ ਕੰਮ ਕਰਨਗੇ।ਇਸ ਦੌਰਾਨ ਉਨ੍ਹਾਂ ਵੱਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਅਧਿਐਨ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ।
















