ਯਮੁਨਾ ਐਕਸਪ੍ਰੈਸਵੇਅ ’ਤੇ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਕੰਟੇਨਰ ਨੇ 15 ਲੋਕਾਂ ਨੂੰ ਕੁਚਲਿਆ, 6 ਦੀ ਮੌਤ, 9 ਜ਼ਖਮੀ
ਮਥੁਰਾ-ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ ’ਤੇ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਛੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਨੌਂ ਹੋਰ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ, ਇਹ ਹਾਦਸਾ ਸੂਰੀਰ ਥਾਣਾ ਖੇਤਰ ਵਿੱਚ ਯਮੁਨਾ ਐਕਸਪ੍ਰੈਸਵੇਅ ਦੇ ਮੀਲ ਪੱਥਰ ਨੰਬਰ 88 ਦੇ ਨੇੜੇ ਵਾਪਰਿਆ। ਨੋਇਡਾ ਤੋਂ ਆਗਰਾ ਜਾ ਰਹੀ ਇੱਕ ਬੱਸ ਨੂੰ ਯਾਤਰੀਆਂ ਵੱਲੋਂ ਬਾਥਰੂਮ ਲਈ ਸੜਕ ਕਿਨਾਰੇ ਰੁਕਵਾਇਆ ਗਿਆ ਸੀ। ਬੱਸ ਰੁਕਣ ਤੋਂ ਬਾਅਦ ਕਈ ਯਾਤਰੀ ਸੜਕ ਤੋਂ ਹੇਠਾਂ ਉਤਰ ਕੇ ਖੜ੍ਹੇ ਸਨ।
ਇਸ ਦੌਰਾਨ ਨੋਇਡਾ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਕੰਟੇਨਰ ਨੇ ਸੜਕ ਕਿਨਾਰੇ ਖੜ੍ਹੇ ਯਾਤਰੀਆਂ ਨੂੰ ਕੁਚਲ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਛੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਨੌਂ ਹੋਰ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਸੂਰੀਰ ਪੁਲਿਸ ਅਤੇ ਯਮੁਨਾ ਐਕਸਪ੍ਰੈਸਵੇਅ ਸੁਰੱਖਿਆ ਕਰਮਚਾਰੀ ਮੌਕੇ ’ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਦਕਿ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੰਟੇਨਰ ਡਰਾਈਵਰ ਦੀ ਤਲਾਸ਼ ਜਾਰੀ ਹੈ।
















