ਲੁਧਿਆਣਾ 'ਚ ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, ਭੂਪੇਸ਼ ਬਘੇਲ ਖ਼ਿਲਾਫ਼ ਨਾਅਰੇਬਾਜ਼ੀ

ਲੁਧਿਆਣਾ 'ਚ ਪੰਜਾਬ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, ਭੂਪੇਸ਼ ਬਘੇਲ ਖ਼ਿਲਾਫ਼ ਨਾਅਰੇਬਾਜ਼ੀ

ਲੁਧਿਆਣਾ-ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਇੱਕ ਵਾਰ ਫਿਰ ਜਨਤਕ ਤੌਰ 'ਤੇ ਸਾਹਮਣੇ ਆ ਗਈ। ਲੁਧਿਆਣਾ ਵਿੱਚ ਵੀਰਵਾਰ ਨੂੰ ਹੋਈ ਪਾਰਟੀ ਦੀ ਜਥੇਬੰਦੀਕ ਮੀਟਿੰਗ ਦੌਰਾਨ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਕਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਖ਼ਿਲਾਫ਼ ‘ਗੋ ਬੈਕ’ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।

ਇਸ ਦੌਰਾਨ ਮੌਕੇ 'ਤੇ ਧੱਕਾ-ਮੁੱਕੀ ਅਤੇ ਹੰਗਾਮੇ ਦੀ ਸਥਿਤੀ ਵੀ ਬਣ ਗਈ। ਸਟੇਜ ਤੋਂ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਅਰੇਬਾਜ਼ੀ ਕਰਨ ਵਾਲਿਆਂ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ “ਆਰਐੱਸਐੱਸ ਦੇ ਚਮਚੇ” ਕਰਾਰ ਦਿੱਤਾ ਅਤੇ ਕਿਹਾ ਕਿ ਅਜਿਹੇ ਲੋਕ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਰਾਜਾ ਵੜਿੰਗ ਨੇ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਜਿਹੜੇ ਲੋਕ ਅੱਜ ਉਨ੍ਹਾਂ ਖ਼ਿਲਾਫ਼ ਨਾਅਰੇ ਲਗਾ ਰਹੇ ਹਨ, ਉਨ੍ਹਾਂ ਦੀ ਉਸ ਨੇ ਉਸ ਸਮੇਂ ਵੀ ਮਦਦ ਕੀਤੀ ਸੀ ਜਦੋਂ ਉਹ ਵਿਜੀਲੈਂਸ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮਦਦਾਂ ਨੂੰ ਭੁੱਲਣਾ ਨਹੀਂ ਚਾਹੀਦਾ।

ਜ਼ਿਕਰਯੋਗ ਹੈ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਥਿਤ ਅਨਾਜ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਲੁਧਿਆਣਾ ਦੀ ਇਹ ਘਟਨਾ ਇੱਕ ਵਾਰ ਫਿਰ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਮਤਭੇਦਾਂ ਨੂੰ ਉਜਾਗਰ ਕਰਦੀ ਹੈ। ਪਾਰਟੀ ਦੀਆਂ ਜਥੇਬੰਦੀਕ ਮੀਟਿੰਗਾਂ ਦੌਰਾਨ ਵਾਰ-ਵਾਰ ਸਾਹਮਣੇ ਆ ਰਹੇ ਅਜਿਹੇ ਵਿਵਾਦਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਹਨ।